ਰਤੀਆ ਸਿਟੀ ਪੁਲੀਸ ਨੇ ਇਨਾਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਨਿਤੇਸ਼ ਉਰਫ਼ ਨੀਰੂ ਪੁੱਤਰ ਬਲਬੀਰ ਸਿੰਘ ਵਾਸੀ ਰਤੀਆ ਵਜੋਂ ਹੋਈ ਹੈ, ਜਿਸ ’ਤੇ 5,000 ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਉਹ ਪਿਛਲੇ ਸਾਲ ਨਵੰਬਰ ਵਿੱਚ ਹੋਏ ਇੱਕ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ।
ਥਾਣਾ ਇੰਚਾਰਜ ਇੰਸਪੈਕਟਰ ਪੁਸ਼ਪਾ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੀ ਅਗਵਾਈ ਹੇਠ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਵਾਰਡ ਨੰਬਰ-14, ਰਾਮਨਗਰ ਕਲੋਨੀ, ਰਤੀਆ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਮੁਤਾਬਕ 10 ਨਵੰਬਰ 2025 ਦੀ ਰਾਤ ਜਦੋਂ ਉਹ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਰਘੂ ਉਰਫ਼ ਸੋਨੀ, ਪਵਨ ਬਲੈਕੀਆ, ਨਿਤੇਸ਼ ਉਰਫ਼ ਨੀਰੂ ਅਤੇ ਕੁਝ ਹੋਰ ਨੌਜਵਾਨਾਂ ਨੇ ਉਸ ਨੂੰ
ਘੇਰ ਲਿਆ।
ਮੁਲਜ਼ਮਾਂ ਨੇ ਉਸ ’ਤੇ ਲੋਹੇ ਦੀਆਂ ਰਾਡਾਂ, ਡੰਡਿਆਂ ਅਤੇ ਕੁਹਾੜੀਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਲੋਕਾਂ ਦਾ ਇਕੱਠ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਹਾਲਤ ਵਿੱਚ ਗੁਰਪਾਲ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਅਤੇ ਬਾਅਦ ਵਿੱਚ ਮੈਡੀਕਲ ਕਾਲਜ ਅਗਰੋਹਾ ਦਾਖਲ ਕਰਵਾਇਆ ਗਿਆ ਸੀ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਹੁਣ ਪੁਲੀਸ ਟੀਮ ਦੀ ਸਖ਼ਤ ਮਿਹਨਤ ਸਦਕਾ ਚੌਥੇ ਇਨਾਮੀ ਮੁਲਜ਼ਮ ਨਿਤੇਸ਼ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

