ਜਗਤਾਰ ਸਮਾਲਸਰ/ਪ੍ਰਭੂ ਦਿਆਲ
ਏਲਨਾਬਾਦ/ਸਿਰਸਾ, 31 ਅਕਤੂਬਰ
ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਅੱਜ ਸਮਾਪਤ ਹੋ ਗਈ ਹੈ। ਅੱਜ ਇਲਾਕੇ ਦੇ ਕਿਸਾਨ ਆਗੂਆਂ ਨੇ ਸ਼ਹੀਦਾਂ ਦੀਆਂ ਅਸਥੀਆਂ ਏਲਨਾਬਾਦ ਦੇ ਨਾਲ ਲੱਗਦੇ ਹਨੂੰਮਾਨਗੜ੍ਹ (ਰਾਜਸਥਾਨ) ਜ਼ਿਲ੍ਹੇ ਦੇ ਮਸੀਤਾ ਹੈੱਡ ਦੀ ਰਾਜ ਕੈਨਾਲ ਨਹਿਰ ਵਿੱਚ ਜਲ ਪ੍ਰਵਾਹ ਕੀਤੀਆਂ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬਣਾਈ ਗਈ ਕਲਸ਼ ਯਾਤਰਾ ਕਮੇਟੀ ਦੇ ਮੈਂਬਰ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਯਾਤਰਾ ਪੂਰੇ ਹਰਿਆਣੇ ਵਿੱਚ ਲਿਜਾਈ ਗਈ ਅਤੇ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਮਿਤ ਮਿਸ਼ਰਾ ਨੇ ਲਖੀਮਪੁਰ ਖੀਰੀ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦੀ ਹੱਤਿਆ ਕੀਤੀ ਹੈ। ਭਾਜਪਾ ਸਰਕਾਰ ਨੇ ਵਾਰਦਾਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਾ ਕਰਕੇ ਆਪਣੇ ਆਪ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਇਸੇ ਦੇ ਵਿਰੋਧ ਵਿੱਚ ਇਹ ਅਸਥੀ ਕਲਸ਼ ਯਾਤਰਾ ਕੱਢੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਹੀ ਇਨ੍ਹਾਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਕਿਸਾਨ ਆਗੂਆਂ ਹਰਜਿੰਦਰ ਸਿੰਘ ਭੰਗੂ, ਸਰਬਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਨਕੌੜਾ, ਮਹਿੰਦਰ ਸਿੰਘ ਨਕੌੜਾ, ਮਾਸਟਰ ਛਿੰਦਰ ਸਿੰਘ, ਮੱਖਣ ਸਿੰਘ, ਹੈਪੀ ਚੋਟੀਆ, ਸੁਖਦੇਵ ਸਿੰਘ ਜੰਮੂ, ਹਰਦੇਵ ਸਿੰਘ ਸੰਧੂ, ਛਿੰਦਰਪਾਲ ਤੇ ਹੋਰਾਂ ਨੇ ਆਖਿਆ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।