DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਨੇ ਕੀਤੀ ਸੂਬੇ ਦੇ ਕਰਜ਼ੇ ’ਚ ਕਟੌਤੀ

ਪੰਜਾਬ ਸਰਕਾਰ ’ਤੇ ਮੰਡਰਾਏ ਵਿੱਤੀ ਸੰਕਟ ਦੇ ਬੱਦਲ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 20 ਮਈ

Advertisement

ਕੇਂਦਰ ਸਰਕਾਰ ਨੇ ਪੰਜਾਬ ਦੀ ਚਾਲੂ ਵਿੱਤੀ ਵਰ੍ਹਾ 2025-26 ਦੀ ਕਰਜ਼ਾ ਹੱਦ ਵਿੱਚ ਵੱਡੀ ਕਟੌਤੀ ਕਰ ਦਿੱਤੀ ਹੈ। ਪੰਜਾਬ ਦੀ ਵਿੱਤੀ ਸਿਹਤ ਕਮਜ਼ੋਰ ਹੋਣ ਦੇ ਮੱਦੇਨਜ਼ਰ ਕਰਜ਼ਾ ਸੀਮਾ ’ਚ ਕਟੌਤੀ ਸੂਬੇ ਨੂੰ ਵਾਰਾ ਨਹੀਂ ਖਾਂਦੀ। ਕੇਂਦਰੀ ਵਿੱਤ ਮੰਤਰਾਲੇ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ’ਚ ਚਾਲੂ ਮਾਲੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਲਈ 21,905 ਕਰੋੜ ਰੁਪਏ ਦੀ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰਾਲੇ ਵੱਲੋਂ ਪੰਜਾਬ ਲਈ ਸਾਲ 2025-26 ਲਈ ਸਮੁੱਚੀ ਕਰਜ਼ਾ ਸੀਮਾ ਦਾ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ ਸੂਬਾ ਚਾਲੂ ਵਿੱਤੀ ਸਾਲ ਦੌਰਾਨ 51,176.40 ਕਰੋੜ ਰੁਪਏ ਦਾ ਕਰਜ਼ਾ ਚੁੱਕ ਸਕਦਾ ਹੈ। ਇਸ ਲਿਹਾਜ਼ ਨਾਲ ਨੌਂ ਮਹੀਨਿਆਂ ਦੀ ਕਰਜ਼ਾ ਹੱਦ 38,382 ਕਰੋੜ ਰੁਪਏ ਬਣਦੀ ਹੈ ਪ੍ਰੰਤੂ ਕੇਂਦਰ ਨੇ ਪ੍ਰਵਾਨਗੀ ਸਿਰਫ਼ 21,905 ਕਰੋੜ ਦੀ ਦਿੱਤੀ ਹੈ। ਮਤਲਬ ਇਹ ਕਿ ਇਨ੍ਹਾਂ ਨੌਂ ਮਹੀਨਿਆਂ ਲਈ ਕਰਜ਼ਾ ਹੱਦ ਵਿੱਚ 16,477 ਕਰੋੜ ਦੀ ਕਟੌਤੀ ਕਰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੂੰ ਲੰਘੇ ਵਿੱਤੀ ਸਾਲ ’ਚ ਵੀ ਕੇਂਦਰੀ ਉਲਝਣਾਂ ਦੀ ਮਾਰ ਝੱਲਣੀ ਪਈ ਸੀ। ਕੇਂਦਰੀ ਖਾਕੇ ਅਨੁਸਾਰ ਬਿਜਲੀ ਸੈਕਟਰ ’ਚ ਸੁਧਾਰਾਂ ਬਦਲੇ ਜੀਐੱਸਡੀਪੀ ਦਾ 0.50 ਫ਼ੀਸਦੀ ਜੋ 4151.6 ਕਰੋੜ ਬਣਦਾ ਹੈ, ਨੂੰ ਵੀ ਕਰਜ਼ਾ ਹੱਦ ਵਿੱਚ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਖਾਕੇ ’ਚ ਕਰਜ਼ਾ ਸੀਮਾ ਵਿੱਚ ਕੁਝ ਕੱਟ ਵੀ ਲਾਏ ਗਏ ਹਨ ਜਿਵੇਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਬਦਲੇ 5 ਫ਼ੀਸਦੀ ਰਾਸ਼ੀ ਜਮ੍ਹਾਂ ਨਾ ਕਰਾਏ ਜਾਣ ਕਰਕੇ 998 ਕਰੋੜ ਨੂੰ ਕਰਜ਼ਾ ਸੀਮਾ ਤੋਂ ਬਾਹਰ ਰੱਖਿਆ ਗਿਆ ਹੈ।

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਜੋ ਕਰਜ਼ਾ ਹੱਦ ਵਿੱਚ ਕਟੌਤੀ ਕੀਤੀ ਗਈ ਹੈ, ਉਸ ਦੇ ਕਈ ਕਾਰਨ ਦੱਸੇ ਗਏ ਹਨ ਜਿਵੇਂ 31 ਮਾਰਚ 2024 ਤੱਕ 5444 ਕਰੋੜ ਦੀ ਬਕਾਇਆ ਬਿਜਲੀ ਸਬਸਿਡੀ, 4107 ਕਰੋੜ ਦੇ ਬਿਜਲੀ ਸਬਸਿਡੀ ਦੇ ਸਾਲ 2024-25 ਕਰੋੜ ਦੇ ਬਕਾਏ ਅਤੇ ਪਾਵਰ ਸੈਕਟਰ ਅਧਾਰਿਤ ਵਾਧੂ ਕਰਜ਼ਾ ਸੀਮਾ 4151 ਕਰੋੜ ਰੁਪਏ। ਕਰਜ਼ਾ ਹੱਦ ਵਿੱਚ ਕਟੌਤੀ ਮੌਜੂਦਾ ਵਿੱਤੀ ਪ੍ਰਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਨੂੰ ਅਗਲੇ ਦਿਨਾਂ ’ਚ ਸੰਕਟ ਵਿੱਚ ਪਾ ਸਕਦੀ ਹੈ।

ਪੰਜਾਬ ਬਜਟ ਅਨੁਸਾਰ ਚਾਲੂ ਮਾਲੀ ਵਰ੍ਹੇ ਦੌਰਾਨ 49,900 ਕਰੋੜ ਦਾ ਕਰਜ਼ਾ ਚੁੱਕਣ ਦੀ ਗੱਲ ਕਹੀ ਗਈ ਸੀ। ਪੰਜਾਬ ਸਿਰ 31 ਮਾਰਚ 2026 ਤੱਕ ਕੁੱਲ ਕਰਜ਼ਾ 4.17 ਲੱਖ ਕਰੋੜ ਹੋਣ ਦਾ ਅਨੁਮਾਨ ਹੈ ਜਦੋਂਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ੇ ਦਾ ਬੋਝ 3.82 ਲੱਖ ਕਰੋੜ ਹੋ ਚੁੱਕਾ ਹੈ। ਲੰਘੇ ਤਿੰਨ ਵਰ੍ਹਿਆਂ ਵਿੱਚ ਮੌਜੂਦਾ ਸਰਕਾਰ 1.32 ਲੱਖ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ। ਪੰਜਾਬ ਸਰਕਾਰ ਨੂੰ ਵਿਰਾਸਤ ਵਿੱਚ ਮਿਲਿਆ ਕਰਜ਼ਾ ਗਲੇ ਦੀ ਹੱਡੀ ਬਣਿਆ ਹੋਇਆ ਹੈ।

ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 1.11 ਲੱਖ ਕਰੋੜ ਦੀ ਮਾਲੀਆ ਪ੍ਰਾਪਤੀ ਦਾ ਟੀਚਾ ਰੱਖਿਆ ਹੈ ਜਦੋਂਕਿ ਮਾਲੀਆ ਖਰਚਾ 1.35 ਲੱਖ ਕਰੋੜ ਰੁਪਏ ਹੈ ਜਿਸ ਦੇ ਨਤੀਜੇ ਵਜੋਂ 23,957.28 ਕਰੋੜ ਦਾ ਮਾਲੀਆ ਘਾਟਾ ਹੋਵੇਗਾ।

ਕੇਂਦਰ ਪੰਜਾਬ ਦੀ ਸ਼ਾਹਰਗ ਬੰਦ ਕਰਨਾ ਚਾਹੁੰਦੈ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਅਸਲ ਵਿੱਚ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਪੰਜਾਬ ਦੀ ਸ਼ਾਹਰਗ ਬੰਦ ਕਰਨਾ ਚਾਹੁੰਦੀ ਹੈ ਅਤੇ ਸੰਘੀ ਢਾਂਚੇ ਨੂੰ ਤਹਿਸ ਨਹਿਸ ਕਰਨ ਦੇ ਰਾਹ ’ਤੇ ਪਈ ਹੋਈ ਹੈ।

ਜਦੋਂ ਤੋਂ ਪੰਜਾਬ ’ਚ ‘ਆਪ’ ਸਰਕਾਰ ਹੈ, ਉਦੋਂ ਤੋਂ ਪੰਜਾਬ ਦੀ ਕਰਜ਼ਾ ਹੱਦ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ ਜਿਸ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਘੜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਿਹਾਤੀ ਵਿਕਾਸ ਫੰਡ ਰੋਕੇ ਗਏ। ਉਨ੍ਹਾਂ ਕਿਹਾ ਕਿ ਬਿਜਲੀ ਸੈਕਟਰ ’ਚ ਸੁਧਾਰਾਂ ਦੇ ਬਾਵਜੂਦ ਕੇਂਦਰ ਕਰਜ਼ਾ ਸੀਮਾ ’ਚ ਕਟੌਤੀ ਲਈ ਬਹਾਨੇ ਬਣਾ ਰਿਹਾ ਹੈ।

Advertisement
×