ਗੂਹਲਾ ਚੀਕਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਕਮੇਟੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਫ਼ਦ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਯਾਦ ਕਰਵਾਇਆ ਗਿਆ ਕਿ ਸੰਸਦ ਮੈਂਬਰ ਹੁੰਦਿਆਂ ਉਨ੍ਹਾਂ ਬੇਅਦਬੀ ਕਾਂਡ ਤੇ ਸਿੱਖ ਕੌਮ ਨਾਲ ਸਬੰਧਤ ਹੋਰਨਾਂ ਕਈ ਮਸਲਿਆਂ ’ਤੇ ਚਰਚਾ ਕੀਤੀ ਹੈ, ਪਰ ਮੁੱਖ ਮੰਤਰੀ ਬਣਨ ਮਗਰੋਂ ਉਨ੍ਹਾਂ ਹੁਣ ਤੱਕ ਇਨ੍ਹਾਂ ਮਸਲਿਆਂ ਨੂੰ ਬਾਰੀਕੀ ਨਾਲ ਨਹੀਂ ਵਿਚਾਰਿਆ। ਵਫ਼ਦ ਨੇ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ। ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਬਰਗਾੜੀ ਬੇਅਦਬੀ ਕਾਂਡ, ਬਹਬਿਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾ ਕੇ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ। ਇਹ ਵੀ ਮੰਗ ਕੀਤੀ ਗਈ ਕਿ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਜਾਵੇ। -ਪੱਤਰ ਪ੍ਰੇਰਕ