ਮਹਾਂਵੀਰ ਮਿੱਤਲ
ਜੀਂਦ, 10 ਸਤੰਬਰ
ਹਰਿਆਣਾ ਦੇ ਰਾਜਪਾਲ ਅਤੇ ਸੂਬੇ ਦੀ ਰੈੱਡ ਕਰਾਸ ਸੁਸਾਇਟੀ ਦੇ ਚੇਅਰਮੈਨ ਬੰਡਾਰੂ ਦੱਤਾਤ੍ਰੇਅ ਵੱਲੋਂ ਜੀਂਦ ਦੇ ਡਿਪਟੀ ਕਮਿਸ਼ਨਰ ਡਾ. ਮਨੋਜ ਕੁਮਾਰ ਦਾ ਸਨਮਾਨ ਕੀਤਾ ਗਿਆ। ਰਾਜਪਾਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਜੀਂਦ ਜ਼ਿਲ੍ਹੇ ਵਿੱਚ ਰੈੱਡ ਕਰਾਸ ਸੁਸਾਇਟੀ ਦੀਆਂ ਯੋਜਨਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਵਾਉਣ ਅਤੇ ਸ਼ਲਾਘਾਯੋਗ ਕੰਮ ਕਰਨ ਸਦਕਾ ਸਨਮਾਨਿਤ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਹੋਏ ਇੱਕ ਸਮਾਰੋਹ ਦੌਰਾਨ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਡਿਪਟੀ ਕਮਿਸ਼ਨਰ ਡਾ. ਮਨੋਜ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ। ਸਿਟੀ ਮੈਜਿਸਟ੍ਰੇਟ ਅਮਿਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਮਨੋਜ ਕੁਮਾਰ ਦਾ ਨਾਮ ਊਰਜਾਵਾਨ ਅਤੇ ਗਤੀਸ਼ੀਲ ਅਧਿਕਾਰੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਡਾ. ਮਨੋਜ਼ ਕੁਮਾਰ ਹਮੇਸ਼ਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਨੂੰ ਦਿਵਾਉਣ ਵਿੱਚ ਪਾਰਦਰਸ਼ੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਵਿੱਚ ਲੱਗੇ ਰਹਿੰਦੇ ਹਨ। ਇਸੇ ਕਾਬਲੀਅਤ ਤੇ ਉਪਰਾਲਿਆਂ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਗਿਆ ਹੈ।