ਮਹਾਂਪੁਰਖਾਂ ਦਾ ਜੀਵਨ ਸਮਾਜ ਲਈ ਪ੍ਰੇਰਣਾ ਸਰੋਤ: Nayab Singh Saini
ਮੁੱਖ ਮੰਤਰੀ ਨੇ ਮੂਰਤੀ ਸਥਾਪਨਾ ਸਮਾਗਮ ’ਚ ਸ਼ਿਰਕਤ ਕੀਤੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਮਹਾਂਪੁਰਖਾਂ ਦਾ ਜੀਵਨ ਸਮਾਜ ਲਈ ਪ੍ਰੇਰਣਾ ਸਰੋਤ ਹੁੰਦਾ ਹੈ। ਉਨ੍ਹਾਂ ਦੇ ਆਦਰਸ਼ ਮਨੁੱਖਤਾ, ਸੇਵਾ, ਸਮਾਨਤਾ ਅਤੇ ਰਾਸ਼ਟਰ ਨਿਰਮਾਣ ਦਾ ਸੰਦੇਸ਼ ਦਿੰਦੇ ਹਨ। ਮੌਜੂਦਾ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ, ਤਾਂ ਜੋ ਸਮਾਜ ਵਿੱਚ ਸਦਭਾਵਨਾ ਅਤੇ ਸੰਸਕਾਰਾਂ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਮੁੱਖ ਮੰਤਰੀ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਉਝਾਨਾ ਵਿੱਚ ਸ੍ਰੀ ਸ੍ਰੀ 1008 ਸਿੱਧ ਬਾਬਾ ਖਾਕਨਾਥ ਮਹਾਰਾਜ ਦੀ ਨਵ-ਨਿਰਮਿਤ ਸਮਾਧੀ ਸਥਾਨ ’ਤੇ ਮੂਰਤੀ ਸਥਾਪਨਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ, ਰੋਹਤਕ ਸਥਿਤ ਮਠ ਅਸਥਲ ਬੋਹਰ ਦੇ ਮਹੰਤ ਅਤੇ ਰਾਜਸਥਾਨ ਦੇ ਤਿਜਾਰਾ ਤੋਂ ਵਿਧਾਇਕ ਮਹੰਤ ਰਾਜ ਨਾਥ, ਮਹੰਤ ਪੂਰਨ ਨਾਥ ਸਮੇਤ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ। ਮੁੱਖ ਮੰਤਰੀ ਨੇ ਮੰਦਰ ਵਿੱਚ ਮੱਥਾ ਟੇਕਣ ਮਗਰੋਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਆਪਣੀ ਸੰਸਕ੍ਰਿਤਕ ਵਿਰਾਸਤ ਅਤੇ ਅਧਿਆਤਮਕ ਮੁੱਲਾਂ ਨੂੰ ਨਵੀਂ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।
ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਸੂਬੇ ਦੇ ਹਰ ਲੋੜਵੰਦ ਦੀ ਲੋੜ ਅਨੁਸਾਰ ਅਨੇਕਾਂ ਯੋਜਨਾਵਾਂ ਅਤੇ ਨੀਤੀਆਂ ਤਿਆਰ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਕੇ ਲੋਕਾਂ ਤੱਕ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਪ੍ਰਦੇਸ਼ ਵਿੱਚ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਉੱਤੇ ਬਿਨਾਂ ਪਰਚੀ-ਬਿਨਾਂ ਖ਼ਰਚੀ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

