ਆਤਿਸ਼ ਗੁਪਤਾ
ਚੰਡੀਗੜ੍ਹ, 25 ਸਤੰਬਰ
ਇਨੈਲੋ ਨੇ ਅੱਜ ਫਤਿਆਬਾਦ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ 109ਵੀਂ ਜੈਅੰਤੀ ਮੌਕੇ ‘ਸਨਮਾਨ ਰੈਲੀ’ ਕੀਤੀ। ਇਸ ਮੌਕੇ ਦੇਸ਼ ਦੀਆਂ ਅੱਧੀ ਦਰਜਨ ਤੋਂ ਵੱਧ ਸਿਆਸੀ ਪਾਰਟੀਆਂ ਦੇ ਆਗੂ ਮੰਚ ਉਤੇ ਹਾਜ਼ਰ ਸਨ। ਅੱਜ ਦੀ ਰੈਲੀ 2024 ਦੀਆਂ ਲੋਕ ਸਭਾ ਚੋਣਾਂ ਦੇ ਪੱਖ ਤੋਂ ਕਾਫ਼ੀ ਮਹੱਤਵਪੂਰਨ ਸੀ। ਦੇਸ਼ ਦੇ ਵੱਡੇ ਆਗੂਆਂ ਨੇ ਰੈਲੀ ਵਿਚ ਹਾਜ਼ਰੀ ਲਵਾ ਕੇ ਤੀਜੇ ਮੋਰਚੇ ਦੇ ਗਠਨ ਦੇ ਸੰਕੇਤ ਦਿੱਤੇ ਹਨ। ਰੈਲੀ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਅਤੇ ਆਰਜੇਡੀ ਨੇਤਾ ਤੇਜਸਵੀ ਯਾਦਵ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਨਸੀਪੀ ਦੇ ਸ਼ਰਦ ਪਵਾਰ, ਸੀਪੀਐਮ ਆਗੂ ਸੀਤਾਰਾਮ ਯੇਚੁਰੀ, ਜੇਡੀ(ਯੂ) ਆਗੂ ਕੇਸੀ ਤਿਆਗੀ ਅਤੇ ਹੋਰ ਆਗੂ ਹਾਜ਼ਰ ਸਨ। ‘ਇਨੈਲੋ’ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਰੈਲੀ ਲਈ ਸੱਦਾ ਦਿੱਤਾ ਸੀ। ਨਿਤੀਸ਼ ਕੁਮਾਰ ਨੇ ਇਸ ਮੌਕੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦਾ ਮੁਕਾਬਲਾ ਕਰਨ ਲਈ ਕਾਂਗਰਸ ਤੇ ਖੱਬੇ-ਪੱਖੀਆਂ ਪਾਰਟੀਆਂ ਸਣੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ ਮੰਚ ’ਤੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਇਹ ‘ਮੋਰਚਾ’ ਭਾਜਪਾ ਦੀ ਹਾਰ ਨੂੰ ਯਕੀਨੀ ਬਣਾਏਗਾ। ਇਸ ਮੌਕੇ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਆਪਣੀ ਸਾਰੀ ਜ਼ਿੰਦਗੀ ਕਿਸਾਨਾਂ ਲਈ ਕੰਮ ਕੀਤਾ ਹੈ, ਪਰ ਅੱਜ ਕੇਂਦਰ ਵਿੱਚ ਕਾਬਜ਼ ਭਾਜਪਾ ਦੀ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ 2024 ਵਿੱਚ ਸਾਰੇ ਇਕਜੁੱਟ ਹੋ ਕੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਸੀਪੀਐਮ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਸਾਲ 2014 ’ਚ ਭਾਜਪਾ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਿੱਚੋਂ ਕੋਈ ਵਾਅਦਾ ਪੁਗਾਇਆ ਨਹੀਂ ਗਿਆ।
ਭਾਜਪਾ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲੀ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨੈਲੋ ਅਤੇ ਅਕਾਲੀ ਦਲ ਸਕੇ ਭਰਾ ਹਨ। ਇਸ ਰਿਸ਼ਤੇ ਵਿਚ ਕਦੇ ਵੀ ਵਿਗਾੜ ਨਹੀਂ ਪੈ ਸਕਦਾ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ, ਚੌਧਰੀ ਦੇਵੀ ਲਾਲ, ਪ੍ਰਕਾਸ਼ ਸਿੰਘ ਬਾਦਲ, ਸ਼ਰਦ ਪਵਾਰ ਨੇ ਸਦਾ ਹੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਹੈ, ਪਰ ਭਾਜਪਾ ਆਪਣੇ ਵਾਅਦੇ ਭੁੱਲ ਚੁੱਕੀ ਹੈ।
ਚੌਟਾਲਾ ਨੇ ਐੱਸਵਾਈਐੱਲ ਦਾ ਵਾਅਦਾ ਕੀਤਾ
ਇਨੈਲੋ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਐਲਾਨ ਕੀਤਾ ਕਿ ਹਰਿਆਣਾ ਵਿੱਚ ਪਾਰਟੀ ਦੀ ਸਰਕਾਰ ਬਨਣ ’ਤੇ ਐੱਸਵਾਈਐੱਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਦੇ ਨਾਲ-ਨਾਲ ਸੂਬਿਆਂ ਵਿੱਚੋਂ ਵੀ ਬਾਹਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ 2024 ਵਿੱਚ ਲੋਕ ਸਭਾ ਚੋਣਾਂ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਖਿਲਾਫ਼ ਡੱਟ ਕੇ ਲੜੇਗੀ।