ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 5 ਮਾਰਚ
ਨਰਾਇਣਗੜ੍ਹ ਦੇ ਅੰਬੇਡਕਰ ਭਵਨ ਵਿੱਚ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਭਲਾਈ ਮੇਲਾ ਲਗਾਇਆ ਗਿਆ, ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਵਿੱਚ ਪੁੱਜਣ ’ਤੇ ਪ੍ਰਸ਼ਾਸਨ ਅਤੇ ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੇਲੇ ਵਿੱਚ ਲਗਪਗ 20 ਵਿਭਾਗਾਂ ਨੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸਟਾਲ ਲਗਾ ਕੇ ਸਕੀਮਾਂ ਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਮੇਲੇ ਵਿੱਚ ਲਗਾਈਆਂ ਸਟਾਲਾਂ ਦਾ ਦੌਰਾ ਕੀਤਾ ਤੇ ਲੋਕਾਂ ਤੋਂ ਸਕੀਮਾਂ ਦੀ ਜਾਣਕਾਰੀ ਮਿਲਣ ਬਾਰੇ ਗੱਲਬਾਤ ਕੀਤੀ। ਇਸ ਮਗਰੋਂ ਮੁੱਖ ਮੰਤਰੀ ਨੇ ਲਗਪਗ 14 ਲਾਭਪਾਤਰੀਆਂ ਨੂੰ ਸਰਟੀਫਿਕੇਟ ਵੱਡੇ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਤੋਉਧਮੀ ਸਾਰਥੀ ਯੋਜਨਾ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੇ ਸੂਬੇ ਵੱਲੋਂ ਜਿਹੜੀਆਂ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਕੁਝ ਹੀ ਲੋਕ ਪ੍ਰਾਪਤ ਕਰ ਪਾਉਂਦੇ ਹਨ। ਇਸ ਲਈ ਹਰਿਆਣਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਹਰਿਆਣਾ ਦੇ ਸਾਰੇ ਪਰਿਵਾਰਾਂ ਦਾ ਡਾਟਾ ਇਕੱਠਾ ਕਰਕੇ ਪਛਾਣ ਪੱਤਰ ਵਿੱਚ ਸਰਵੇ ਕਰਵਾਉਣਗੇ ਕਿ ਕਿਹੜਾ ਵਿਅਕਤੀ ਕਿੰਨਾ ਕਮਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਹੁਣ ਤੱਕ 175 ਥਾਵਾਂ ’ਤੇ ਮੇਲੇ ਲੱਗੇ ਹਨ, ਜਿਨ੍ਹਾਂ ਵਿੱਚ ਲਗਪਗ 90 ਹਜ਼ਾਰ ਲੋਕਾਂ ਨੇ ਪਹੁੰਚ ਕੇ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ ਹੈ।