ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਅਪਰੈਲ
ਜ਼ਿਲ੍ਹਾ ਨਗਰ ਯੋਜਨਾਕਾਰ ਦੀ ਟੀਮ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਪਿੰਡ ਦਰਾਂ ਕਲਾਂ ਵਿਚ ਇਕ ਨਾਜਾਇਜ਼ ਕਲੋਨੀ ’ਚ ਕਾਰਵਾਈ ਕੀਤੀ ਹੈ। ਅਧਿਕਾਰੀ ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਪਿੰਡ ਦਰਾ ਕਲਾਂ ਦੀ ਇਕ ਨਾਜਾਇਜ਼ ਕਲੋਨੀ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਡੀਟੀਪੀ ਗਰਗ ਨੇ ਦੱਸਿਆ ਕਿ ਡੀਸੀ ਦੇ ਹੁਕਮਾਂ ’ਤੇ ਡਿਊਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਸੀ, ਜਿਸ ਦੀ ਅਗਵਾਈ ਵਿਚ ਪੁਲੀਸ ਫੋਰਸ ਤੇ ਡੀਟੀਪੀ ਦੀ ਟੀਮ ਨੇ ਪਿੰਡ ਦਰਾ ਕਲਾਂ ਵਿਚ 4.5 ਏਕੜ ਵਿਚ ਉਸਾਰੀ ਜਾ ਰਹੀ ਨਾਜਾਇਜ਼ ਕਲੋਨੀ ਵਿਚ ਬਣੀਆਂ ਕੱਚੀਆਂ ਸੜਕਾਂ ਨੂੰ ਜੇਸੀਬੀ ਦੀ ਮਦਦ ਨਾਲ ਪੁੱਟਿਆ ਗਿਆ। ਉਨਾਂ ਦੱਸਿਆ ਕਿ ਇਸ ਕਲੋਨੀ ਖ਼ਿਲਾਫ਼ ਕਈ ਸ਼ਿਕਾਇਤਾਂ ਆਈਆਂ ਸਨ, ਜਿਸ ਤੋਂ ਬਾਅਦ ਪ੍ਰਾਪਰਟੀ ਡੀਲਰਾਂ ਨੂੰ ਐੱਚਡੀਆਰ ਦੀ ਧਾਰਾ 1975 ਦੀਆਂ ਧਾਰਾਵਾਂ ਤਹਿਤ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ। ਸ੍ਰੀ ਗਰਗ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਸਤੇ ਪਲਾਟਾਂ ਦੇ ਚੱਕਰ ਵਿਚ ਉਹ ਕਿਸੇ ਦੀਆਂ ਗੱਲਾਂ ਵਿੱਚ ਨਾ ਆਉਣ ਤੇ ਨਾ ਹੀ ਪਲਾਟ ਖਰੀਦ ਕੇ ਨਿਰਮਾਣ ਕਰਨ। ਉਨ੍ਹਾਂ ਕਿਹਾ ਕਿ ਜ਼ਮੀਨ ਖਰੀਦਣ ਤੋਂ ਪਹਿਲਾਂ ਡੀਟੀਪੀ ਦਫ਼ਤਰ ਤੋਂ ਜਾਂਚ ਪੜਤਾਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ 50 ਹਜ਼ਾਰ ਰੁਪਏ ਜੁਰਮਾਨਾ ਤੇ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ।