ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 24 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਹਰਿਆਣਾ ਦੀ ਸੰਗਤ ਨੂੰ ਇਕ ਤੋਹਫ਼ਾ ਦਿੱਤਾ ਹੈ। ਐੱਸਜੀਪੀਸੀ ਵੱਲੋਂ ਹਰਿਆਣਾ ਦੀ ਸੰਗਤ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪੰਜਾਬ ਵਿੱਚ ਸੁਸ਼ੋਭਿਤ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਹੂਲਤ ਲਈ ਕੋਈ ਕਿਰਾਇਆ-ਭਾੜਾ ਨਹੀਂ ਦੇਣਾ ਪਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਲਈ ਮੁਫ਼ਤ ਬੱਸ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇਸ ਦੀ ਤਸਦੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਆਰਥਿਕ ਤੌਰ ’ਤੇ ਪਛੜੇ ਵਰਗ ਨੂੰ ਇਸ ਸਹੂਲਤ ਦਾ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਫੰਡਾਂ ਦੀ ਘਾਟ ਕਾਰਨ ਕੁਝ ਲੋਕ ਚਾਹੁਣ ਦੇ ਬਾਵਜੂਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਹਨ। ਇਸ ਸੇਵਾ ਦਾ ਸਭ ਤੋਂ ਵੱਧ ਲਾਭ ਉਸ ਵਰਗ ਨੂੰ ਹੋਵੇਗਾ, ਜੋ ਆਰਥਿਕ ਤੌਰ ’ਤੇ ਪਿਛੜੇ ਹਨ। ਹਾਲਾਂਕਿ ਹਰ ਵਰਗ ਨੂੰ ਇਸ ਸਹੂਲਤ ਦਾ ਲਾਭ ਮਿਲੇਗਾ। ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਸ ਯਾਤਰਾ ਦੀ ਜ਼ਿੰਮੇਵਾਰੀ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਨੂੰ ਦਿੱਤੀ ਗਈ ਹੈ ਅਤੇ ਜਲਦੀ ਹੀ ਬੱਸ ਸੇਵਾ ਸ਼ੁਰੂ ਹੋ ਜਾਵੇਗੀ।