ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਕਤੂਬਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੌਜੂਦਾ ਰਾਜ ਸਰਕਾਰ ਵੱਲੋਂ ਰਾਜ ਦੀ ਆਬਾਦੀ ਨੂੰ ਪੰਜ ਉਮਰ ਵਰਗਾਂ ਵਿੱਚ ਵੰਡ ਕੇ ਸਮਾਜਿਕ ਵਿਕਾਸ ਦਾ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਜ ਦਿੱਲੀ ਦੇ ਹਰਿਆਣਾ ਭਵਨ ਵਿਚ ਭਾਜਪਾ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਦੂਜੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਹੋਣ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ੀਰੋ ਤੋਂ 5 ਸਾਲ, 5 ਤੋਂ 18 ਸਾਲ, 18 ਤੋਂ 25 ਸਾਲ, 25 ਤੋਂ 60 ਸਾਲ ਅਤੇ 60 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਦੀ ਭਲਾਈ ਦੀ ਜ਼ਿੰਮੇਵਾਰੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਅੰਤੋਦਿਆ ਦੇ ਸਿਧਾਂਤ ’ਤੇ ਅੱਗੇ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਦੇ ਖਾਕੇ ਅਨੁਸਾਰ ਹੀ ਸੂਬਾ ਸਰਕਾਰ ਨੇ ਲੋਕ ਹਿੱਤ ’ਚ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿੱਚ 30 ਹਜ਼ਾਰ ਲੋਕਾਂ ਨੂੰ ਸਵੈ-ਰੁਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਕਿਸਾਨਾਂ ਲਈ ਮੇਰੀ ਫਸਲ-ਮੇਰਾ ਬਾਇਓਰਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਸਰਕਾਰ ਨੇ ਅੰਤੋਦਿਆ ਸਰਲ ਪੋਰਟਲ ਰਾਹੀਂ ਆਮ ਲੋਕਾਂ ਲਈ 42 ਵਿਭਾਗਾਂ ਦੀਆਂ 547 ਸੇਵਾਵਾਂ ਉਪਲਬਧ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਵਿੱਚ ਸੀਐਮ ਵਿੰਡੋ ’ਤੇ ਕਰੀਬ 12 ਲੱਖ ਸ਼ਿਕਾਇਤਾਂ ਆਈਆਂ ਹਨ ਅਤੇ 90 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਸੂਬੇ ਦੇ 5681 ਪਿੰਡਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਤਮਗਾ ਜੇਤੂ ਖਿਡਾਰੀਆਂ ਲਈ 550 ਅਸਾਮੀਆਂ ਰਾਖਵੀਆਂ ਕੀਤੀਆਂ ਗਈਆਂ ਹਨ। ਸੂਬੇ ਵਿਚ ਲਿੰਗ ਅਨੁਪਾਤ ਨੂੰ ਵਧਾ ਕੇ 923 ਕਰ ਦਿੱਤਾ ਗਿਆ ਹੈ। ਸੂਬੇ ਦੇ 23 ਲੱਖ ਯੋਗ ਪਰਿਵਾਰਾਂ ਨੂੰ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਗਰੁੱਪ ਡੀ ਦੀਆਂ ਅਸਾਮੀਆਂ ਲਈ 10 ਫੀਸਦੀ ਅਤੇ ਗਰੁੱਪ ਸੀ ਦੀਆਂ ਅਸਾਮੀਆਂ ਲਈ 3 ਫੀਸਦੀ ਰਾਖਵਾਂਕਰਨ ਹੈ। ਖੱਟਰ ਨੇ ਕਿਹਾ ਕਿ ਡੀਬੀਟੀ ਕਾਰਨ 1300 ਕਰੋੜ ਰੁਪਏ ਦੀ ਬਚਤ ਹੋਈ ਹੈ ਤੇ ਪਿਛਲੇ ਅੱਠ ਸਾਲਾਂ ਵਿੱਚ ਵੱਖ-ਵੱਖ ਸਕੀਮਾਂ ਦੇ 53,000 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਏ ਹਨ।