ਮੌਨਸੂਨ ਇਜਲਾਸ: ਹਰਿਆਣਾ ਵਿਧਾਨ ਸਭਾ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਉੱਤੇ ਹੰਗਾਮਾ
ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਪ੍ਰਸ਼ਨਕਾਲ ਦੌਰਾਨ ਸੂਬੇ ਵਿੱਚੋਂ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਉੱਤੇ ਹੰਗਾਮਾ ਹੋਇਆ ਹੈ। ਕਾਂਗਰਸੀ ਵਿਧਾਇਕ ਸ਼ੀਸ਼ਪਾਲ ਕੇਹਰਵਾਲ ਨੇ ਸੂਬੇ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਲਤ ਢੰਗ ਨਾਲ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ। ਉਸ ਦੇ ਜਵਾਬ ਵਿੱਚ ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪਵਾਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਵੇਖਣ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੌਰਾਨ ਕਾਂਗਰਸੀ ਵਿਧਾਇਕ ਨੇ ਸਰਕਾਰ ਵੱਲੋਂ ਗਲਤ ਢੰਗ ਨਾਲ ਰਾਸ਼ਨ ਕਾਰਡ ਕੱਟੇ ਜਾਣ ਦੀ ਗੱਲ ਆਖੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਖ਼ਲ ਦਿੰਦਿਆਂ ਕਿਹਾ ਕਿ ਜਿਨ੍ਹਾਂ ਦੀ ਆਮਦਨ ਨਿਯਮਾਂ ਅਨੁਸਾਰ ਵੱਧ ਜਾਂਦੀ ਹੈ, ਉਨ੍ਹਾਂ ਦਾ ਰਾਸ਼ਨ ਕਾਰਡ ਕੱਟ ਦਿੱਤਾ ਜਾਂਦਾ ਹੈ। ਇਹ ਅਧਿਕਾਰੀਆਂ ਵੱਲੋਂ ਸਰਵੇਖਣ ਕਰਕੇ ਕੀਤਾ ਜਾਂਦਾ ਹੈ। ਇਸ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੁੰਦੀ ਹੈ। ਉਂਝ ਪ੍ਰਸ਼ਨਕਾਲ ਦੌਰਾਨ ਹਰਿਆਣਾ ਵਿੱਚ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ ਅਤੇ ਸਿਹਤ ਤੇ ਸਿੱਖਿਆ ਦੇ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦੇ ਚੁੱਕੇ ਗਏ।
ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਸਾਈਕਲ ਚਲਾ ਕੇ ਵਿਧਾਨ ਸਭਾ ਪਹੁੰਚੇ
ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਤੀਜੇ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਸਾਈਕਲ ਚਲਾ ਕੇ ਵਿਧਾਨ ਸਭਾ ਪਹੁੰਚੇ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਸਾਰੇ ਕੈਬਨਿਟ ਮੰਤਰੀ ਵੀ ਸਾਈਕਲ ਉਤੇ ਵਿਧਾਨ ਸਭਾ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵੱਲੋਂ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਾਰਿਆਂ ਨੂੰ ਨਾਲ ਲੈ ਕੇ ਨਸ਼ਿਆ ਦਾ ਜੜ੍ਹ ਤੋਂ ਖਾਤਮਾ ਕੀਤਾ ਜਾਵੇਗਾ।