ਪੱਤਰ ਪ੍ਰੇਰਕ
ਯਮੁਨਾਨਗਰ, 10 ਸਤੰਬਰ
ਇੱਥੋਂ ਦੇ ਪਿੰਡ ਪੰਜੇਟੋਂ ਦੇ ਲੋਕਾਂ ਨੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਰੋਸ ਵਜੋਂ ਅੱਜ ਇੱਥੇ ਹਾਈਵੇਅ ਜਾਮ ਕਰਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਾਈਵੇਅ ’ਤੇ ਜਾਮ ਲੱਗਣ ਕਾਰਨ ਕਾਫੀ ਦੇਰ ਤੱਕ ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾਇਆ ਪਰ ਪਿੰਡ ਦੇ ਲੋਕ ਅੜੇ ਰਹੇ।
ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਪਿਛਲੇ ਅੱਠ ਸਾਲਾਂ ਵਿੱਚ ਅੱਜ ਤੱਕ ਪਿੰਡ ਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਹੀਂ ਨਿਕਲਿਆ ਜਦਕਿ ਉਹ ਇਸ ਸਬੰਧੀ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਕਈ ਸੰਬਧਤ ਅਧਿਕਾਰੀਆਂ ਕੋਲ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ। ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਰੋਡ ਜਾਮ ਕਰਦੇ ਰਹਿਣਗੇ । ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।