ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 24 ਅਗਸਤ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਅੱਜ ਇਸ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਕਾਰਨਾਮਿਆਂ ਤੋਂ ਆਮ ਆਦਮੀ ਪ੍ਰੇਸ਼ਾਨ ਹੈ। ਲੋਕਾਂ ਨੂੰ ਅੰਦੋਲਨ ਕਰਨੇ ਪੈ ਰਹੇ ਹਨ। ਲੋਕਤੰਤਰ ਖ਼ਤਰੇ ਵਿੱਚ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਦੇ ਹਾਲਾਤ ਅਜਿਹੇ ਹਨ ਕਿ ਸਕੂਲਾਂ ਵਿਚ ਟੀਚਰ ਨਹੀਂ, ਹਸਪਤਾਲਾਂ ਵਿੱਚ ਦਵਾਈ ਤੇ ਡਾਕਟਰ ਨਹੀਂ। ਬਿਜਲੀ ਤੇ ਪਾਣੀ ਦੀ ਕਿੱਲਤ ਹੈ। ਕਿਸਾਨਾਂ ਨੂੰ ਖਾਦ ਲਈ ਲਾਈਨਾਂ ਵਿੱਚ ਲੱਗਣਾ ਪੈਂਦਾ ਹੈ। ਮਹਿੰਗਾਈ ਦਿਨੋਂ ਦਿਨ ਵਧਦੀ ਜਾ ਰਹੀ ਹੈ। ਰਾਜ ਵਿਚ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਚਰਮ ਸੀਮਾ ’ਤੇ ਹੈ। ਅਗਨੀਵੀਰ ਯੋਜਨਾ ਅਤੇ ਚਿਰਾਗ਼ ਯੋਜਨਾ ਬਾਰੇ ਪੁੱਛੇ ਜਾਣ ’ਤੇ ਚੌਟਾਲਾ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਕੋਈ ਠੀਕ ਕੰਮ ਕੀਤਾ ਹੀ ਨਹੀਂ। ਸਰਕਾਰ ਸਕੀਮਾਂ ਲਿਆਉਣ ਦਾ ਨਹੀਂ ਬਲਕਿ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕਰ ਰਹੀ ਹੈ। ਸ੍ਰੀ ਚੌਟਾਲਾ ਨੇ ਕਿਹਾ ਕਿ ਇਨੈਲੋ ਨੇ ਹਮੇਸ਼ਾ ਲੋਕ ਹਿੱਤ ਵਿਚ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਦਾ ਜਨਮ ਦਿਨ 25 ਸਤੰਬਰ ਨੂੰ ਫ਼ਤਿਹਾਬਾਦ ਵਿੱਚ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚਣਗੇ।