ਜ਼ਿਲ੍ਹੇ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਨਾ ਆਵੇ: ਬੇਦੀ
ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜਾ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ...
ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜਾ ਵਰਗ ਭਲਾਈ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅਧਿਕਾਰੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਜ਼ਿੰਮੇਵਾਰੀ ਨਾਲ ਉਨ੍ਹਾਂ ਦਾ ਨਿਬੇੜਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਝੱਲਣੀ ਪਵੇ। ਕੈਬਨਿਟ ਮੰਤਰੀ ਅੱਜ ਡੀ ਪੀ ਆਰ ਸੀ ਭਵਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 12 ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ ਅਤੇ ਲੰਬਿਤ ਮਾਮਲਿਆਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਸਬੰਧੀ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਕ੍ਰਿਸ਼ਨ ਕੁਮਾਰ ਬੇਦੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧ ਰਹੀ ਗਰਮੀ ਨੂੰ ਦੇਖਦਿਆਂ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਰੱਖੀ ਜਾਵੇ। ਰਤੀਆ ਖੇਤਰ ਵਿੱਚ ਗ਼ੈਰ-ਕਾਨੂੰਨੀ ਕਲੋਨੀ ਵਿੱਚ ਨਿਯਮਾਂ ਦੇ ਉਲਟ ਸੜਕ ਉਸਾਰੀ ਦੀ ਸ਼ਿਕਾਇਤ ’ਤੇ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਡੀ ਐੱਮ ਸੀ ਨੂੰ ਮੌਕੇ ਦਾ ਨਿਰੀਖਣ ਕਰਨ ਅਤੇ ਨਿਰਮਾਣ ਕੰਮ ਦੀ ਰਿਪੋਰਟ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦਾ ਨਿਰਮਾਣ ਕੰਮ ਨਿਯਮਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪਿੰਡ ਗਾਜੂਵਾਲਾ ਦੀ ਬਬੀਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਮੰਤਰੀ ਨੇ ਪੁਲੀਸ ਵਿਭਾਗ ਨੂੰ ਦੋਵੇਂ ਪੱਖਾਂ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਬਣਮੰਦੌਰੀ ਦੇ ਨਿਵਾਸੀ ਰਾਕੇਸ਼ ਕੁਮਾਰ ਦੀ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਸਕੂਲ ਬਿਨਾਂ ਮਾਨਤਾ ਦੇ ਨਾ ਚੱਲੇ। ਇਸ ’ਤੇ ਡੀ ਈ ਈ ਓ ਨੇ ਦੱਸਿਆ ਕਿ ਸਬੰਧਤ ਸਕੂਲ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਟੋਹਾਣਾ ਦੇ ਵਿਧਾਇਕ ਪਰਮਵੀਰ ਸਿੰਘ, ਰਤੀਆ ਦੇ ਵਿਧਾਇਕ ਜਰਨੈਲ ਸਿੰਘ, ਡੀ ਸੀ ਡਾ. ਵਿਵੇਕ ਭਾਰਤੀ, ਐੱਸ ਪੀ ਨਿਕਿਤਾ ਖੱਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

