ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 15 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਲਈ ਲੰਬੀ ਲੜਾਈ ਲੜੀ ਗਈ ਅਤੇ ਸੂਬੇ ਦੇ ਲੋਕਾਂ ਦੀ ਜਿੱਤ ਹੋਈ ਹੈ| ਸੂਬੇ ਦੇ ਸਾਰੇ ਗੁਰਦੁਆਰਿਆਂ ਦੀ ਸੇਵਾ ਭਾਈਚਾਰਕ ਸਾਂਝ ਨਾਲ ਸੰਭਾਲੀ ਜਾਵੇਗੀ ਅਤੇ ਉਸ ਤੋਂ ਬਾਅਦ ਸਿੱਖਿਆ ਤੇ ਸਿਹਤ ’ਤੇ ਜ਼ੋਰ ਦਿੱਤਾ ਜਾਵੇਗਾ| ਸੇਵਾ ਸੰਭਾਲਣ ਤੋਂ ਬਾਅਦ ਜੋ ਵੀ ਬਜਟ ਹੋਵੇਗਾ, ਕਮੇਟੀ ਉਸੇ ਅਨੁਸਾਰ ਸੇਵਾ ਦਾ ਕੰਮ ਕਰੇਗੀ| ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੀ ਮਾਨਤਾ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਉਹ ਅੱਜ ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਉਨ੍ਹਾਂ ਦੇ ਸਨਮਾਨ ਵਿਚ ਕਰਵਾਏ ਗਏ ਪ੍ਰੋਗਰਾਮ ਵਿੱਚ ਸੰਗਤ ਨੂੰ ਸੰਬੋਧਨ ਕਰ ਰਹੇ ਸਨ|
ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਤੇ ਗੁਰਦੁਆਰਾ ਰਾਮਰਥ ਸਾਹਿਬ ਸਮੇਤ ਸ਼ਹਿਰ ਦੀਆਂ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਸ੍ਰੀ ਦਾਦੂਵਾਲ ਨੂੰ ਸਿਰੋਪਾਓ ਤੇ ਸ਼ਾਲ ਭੇਟ ਕਰ ਕੇ ਸਨਮਾਨਿਤ ਕੀਤਾ| ਇਸ ਪ੍ਰੋਗਰਾਮ ਤੋਂ ਬਾਅਦ ਜਥੇਦਾਰ ਦਾਦੂਵਾਲ, ਦਲਜੀਤ ਸਿੰਘ ਤੇ ਗੁਰਬਖਸ਼ ਸਿੰਘ ਬਖਸ਼ਾ ਅਤੇ ਅਨਾਜ ਮੰਡੀ ਵਿੱਚ ਨਾਮੀ ਮਹੇਸ਼ਵਰੀ ਦੇ ਨਿਵਾਸ ਸਥਾਨ ’ਤੇ ਗਏ ਜਿੱਥੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ|
ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ, ਗੁਰਦੁਆਰਾ ਰਾਮਤੀਰਥ ਕਮੇਟੀ ਦੇ ਪ੍ਰਧਾਨ ਰਾਮ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਾਕਾ ਅਸੀਰ, ਸੁਖਮਨੀ ਸੇਵਾ ਸੁਸਾਇਟੀ ਦੀ ਦਰਸ਼ਨ ਕੌਰ ਜੌੜਾ ਆਦਿ ਵੀ ਹਾਜ਼ਰ ਸਨ|
ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣੀ ਖ਼ਤਰਨਾਕ ਸਾਬਤ ਹੋ ਸਕਦੀ ਹੈ: ਜਥੇਦਾਰ ਦਾਦੂਵਾਲ
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਦੇ ਨਾਂ ਇਕ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵੱਖ-ਵੱਖ ਕੇਸਾਂ ’ਚ ਸਜ਼ਾ ਭੁਗਤ ਰਹੇ ਅਤੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਖ਼ਤਰਨਾਕ ਸਾਬਿਤ ਹੋ ਸਕਦੀ ਹੈ ਕਿਉਂਕਿ ਪਹਿਲਾਂ ਵੀ ਡੇਰਾ ਮੁਖੀ ਨੇ ਕਈ ਜੁਰਮ ਕੀਤੇ ਅਤੇ ਕਰਵਾਏ ਹਨ, ਜਿਸ ਕਰ ਕੇ ਉਹ ਇਨ੍ਹਾਂ ਕੇਸਾਂ ਵਿੱਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦੇ ਪੈਰੋਕਾਰਾਂ ਦੀਆਂ ਵੋਟਾਂ ਦਾ ਭੁਲੇਖਾ ਪਾਲਣ ਵਾਲੀਆਂ ਪਾਰਟੀਆਂ ਨੂੰ ਪਿਛਲੇ ਸਮੇਂ ਵਿੱਚ ਹਾਰ ਦਾ ਮੂੰਹ ਦੇਖਣ ਪਿਆ ਹੈ।