ਆਤਿਸ਼ ਗੁਪਤਾ
ਚੰਡੀਗੜ੍ਹ, 21 ਜਨਵਰੀ
ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਅਤੇ ਖਾਪ ਪੰਚਾਇਤਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ ਵਿੱਚ ਕੱਢੇ ਜਾਣ ਵਾਲੇ ‘ਕਿਸਾਨ ਟਰੈਕਟਰ ਪਰੇਡ’ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਭਲਕੇ ਕੌਮੀ ਝੰਡੇ ਨਾਲ ਸਜੇ ਹਜ਼ਾਰਾਂ ਟਰੈਕਟਰ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਕੂਚ ਕਰਨ ਦੀ ਸ਼ੁਰੂਆਤ ਕਰ ਦੇਣਗੇ। ਜੀਂਦ ਦੇ ਖਟਕੜ ਟੌਲ ਪਲਾਜ਼ਾ ਤੋਂ ਇਕ ਹਜ਼ਾਰ ਤੋਂ ਵੱਧ ਟਰੈਕਟਰਾਂ ਦਾ ਪਹਿਲਾ ਕਾਫਲਾ ਰਵਾਨਾ ਹੋਵੇਗਾ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ। ਖਟਕੜ ਟੌਲ ਪਲਾਜ਼ਾ ’ਤੇ ਲੱਗੇ ਧਰਨੇ ਦੀ ਅਗਵਾਈ ਕਰ ਰਹੇ ਬਾਹੜਨ ਖਾਪ ਦੇ ਜਨਰਲ ਸਕੱਤਰ ਆਜ਼ਾਦ ਪਲਵਾ ਨੇ ਦੱਸਿਆ ਕਿ ਜੀਂਦ ਜ਼ਿਲ੍ਹੇ ਤੋਂ 10 ਹਜ਼ਾਰ ਟਰੈਕਟਰਾਂ ਦੇ ਇਸ ਪਰੇਡ ਵਿੱਚ ਸ਼ਾਮਲ ਹੋਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਵਿੱਚ ਹਿੱਸਾ ਲੈਣ ਵਾਲੇ ਸਾਰੇ ਟਰੈਕਟਰਾਂ ’ਤੇ ਕੌਮੀ ਝੰਡੇ ਲਗਾ ਕੇ ਰਵਾਨਾ ਕੀਤੇ ਜਾਣਗੇ। ਇਨ੍ਹਾਂ ਟਰੈਕਟਰਾਂ ਵਿੱਚ ਮੂਹਰੇ ਔਰਤਾਂ ਹੋਣਗੀਆਂ ਜਦਕਿ ਪਿੱਛੇ ਮਰਦ ਆਪਣੇ ਟਰੈਕਟਰ ਲੈ ਕੇ ਪਹੁੰਚਣਗੇ। ਸ੍ਰੀ ਪਲਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਜਬਰੀ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦਕਿ ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੇ ਅੜੀਅਲ ਰਵੱਈਏ ਖ਼ਿਲਾਫ਼ ਹੀ ਕਿਸਾਨਾਂ ਵੱਲੋਂ ਦਿੱਲੀ ਵਿੱਚ ਹੋਣ ਵਾਲੀ ਪਰੇਡ ਦੇ ਬਰਾਬਰ ਹੀ ਟਰੈਕਟਰ ਪਰੇਡ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਪਰੇਡ ਨੂੰ ਕਿਸੇ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਜਿਵੇਂ ਕਿਸਾਨ ਸਾਰੀਆਂ ਰੁਕਾਵਟਾਂ ਤੋੜਦੇ ਹੋਏ ਦਿੱਲੀ ਪਹੁੰਚੇ ਸਨ, ਉਸੇ ਤਰ੍ਹਾਂ ਇਸ ਪਰੇਡ ਨੂੰ ਵੀ ਉਹ ਕੱਢ ਕੇ ਰਹਿਣਗੇ।
ਹਰਿਆਣਾ ਦੀਆਂ ਖਾਪ ਪੰਚਾਇਤਾਂ ਵੱਲੋਂ ਵੀ ਆਪੋ-ਆਪਣੇ ਇਲਾਕਿਆਂ ਵਿੱਚ ਕਿਸਾਨ ਮਹਾਪੰਚਾਇਤ ਬੁਲਾ ਕੇ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਕੰਡੇਲਾ ਖਾਪ ਦੇ ਪ੍ਰਧਾਨ ਟੇਕਰਾਮ ਦੀ ਅਗਵਾਈ ਹੇਠ ਸਾਰੇ ਪਿੰਡਾਂ ਨੇ ਮਹਾਪੰਚਾਇਤ ਕੀਤੀ। ਇਸ ਮੌਕੇ ਕਿਸਾਨ ਪਰੇਡ ਵਿੱਚ ਵੱਡੀ ਗਿਣਤੀ ਵਿੱਚ ਟਰੈਕਟਰਾਂ ਨਾਲ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ। ਖਾਪ ਦੇ ਪ੍ਰਧਾਨ ਟੇਕਰਾਮ ਨੇ ਕਿਹਾ ਕਿ 26 ਜਨਵਰੀ ਦੀ ਪਰੇਡ ਵਿੱਚ ਕੰਡੇਲਾ ਖਾਪ ਦੇ ਦੋ ਹਜ਼ਾਰ ਤੋਂ ਵੱਧ ਟਰੈਕਟਰ ਹਿੱਸਾ ਲੈਣਗੇ ਜੋ 24 ਜਨਵਰੀ ਨੂੰ ਇਕੱਠੇ ਹੋ ਕੇ ਰਵਾਨਾ ਕੀਤੇ ਜਾਣਗੇ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਟੌਲ ਪਲਾਜ਼ਿਆਂ ’ਤੇ ਚੱਲ ਰਹੇ ਧਰਨਿਆਂ ਅਤੇ ਸੂਬੇ ਵਿੱਚ ਚੱਲ ਰਹੇ ਸੰਘਰਸ਼ ਵਿੱਚ ਪਹੁੰਚ ਕੇ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਦੀ ਅਪੀਲ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਪੈਂਤੜੇ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਦੀ ਕੋਈ ਚਾਲ ਕਾਮਯਾਬ ਨਾ ਹੋ ਸਕੀ ਤਾਂ ਉਹ ਕਾਨੂੰਨਾਂ ਵਿੱਚ ਸੋਧਾਂ ਕਰਨ ਲਈ ਤਿਆਰ ਹੋ ਗਈ ਹੈ।
ਸਰਕਾਰ 26 ਜਨਵਰੀ ਤੋਂ ਪਹਿਲਾਂ ਕਾਨੂੰਨ ਵਾਪਸ ਲਵੇ: ਅਭੈ ਚੌਟਾਲਾ
ਇਨੈਲੋ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਭੈ ਚੌਟਾਲਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਕਈ ਥਾਵਾਂ ’ਤੇ ਟਰੈਕਟਰ ਮਾਰਚ ਕੱਢੇ ਹਨ। ਇਸ ਮੌਕੇ ਸ੍ਰੀ ਚੌਟਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਾਨੂੰਨ ਮੁਅੱਤਲ ਕਰਨ ਲਈ ਤਿਆਰ ਹੋ ਗਈ ਹੈ ਪਰ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ 26 ਜਨਵਰੀ ਤੋਂ ਪਹਿਲਾਂ-ਪਹਿਲਾਂ ਤਿੰਨੋਂ ਕਾਨੂੰਨ ਰੱਦ ਹੋਣੇ ਚਾਹੀਦੇ ਹਨ।