ਕਰੋੜਾਂ ਰੁਪਏ ਦੇ ਝੋਨੇ ਦੀ ਧੋਖਾਧੜੀ ਦੇ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
ਕੁਲਭੂਸ਼ਨ ਕੁਮਾਰ ਬਾਂਸਲ
ਆਰਥਿਕ ਸੈੱਲ ਫਤਿਹਾਬਾਦ ਨੇ ਕਰੋੜਾਂ ਰੁਪਏ ਦੇ ਝੋਨੇ ਦੀ ਧੋਖਾਧੜੀ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਬੁਰਜ, ਬਲਿਹਾਰ ਸਿੰਘ ਵਾਸੀ ਰਤੀਆ ਅਤੇ ਕੇਵਲ ਸਿੰਘ ਵਾਸੀ ਨੰਨਹੇੜੀ ਵਜੋਂ ਹੋਈ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਰਥਿਕ ਸੈੱਲ ਇੰਚਾਰਜ ਇੰਸਪੈਕਟਰ ਸੰਦੀਪ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੇ 2020 ਦੇ ਸਾਉਣੀ ਸੀਜ਼ਨ ਦੌਰਾਨ ‘ਮੇਰੀ ਫਸਲ ਮੇਰਾ ਬਿਓਰਾ’ ਪੋਰਟਲ ’ਤੇ ਹੋਰ ਵਿਅਕਤੀਆਂ ਦੀ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾ ਕੇ ਸਰਕਾਰੀ ਖਰੀਦ ਏਜੰਸੀਆਂ ਰਾਹੀਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਝੋਨਾ ਵੇਚਿਆ ਸੀ। ਇਸ ਧੋਖਾਧੜੀ ਵਿੱਚ ਮਾਰਕੀਟ ਕਮੇਟੀ, ਖੁਰਾਕ ਅਤੇ ਸਪਲਾਈ ਵਿਭਾਗ ਅਤੇ ਹਰਿਆਣਾ ਰਾਜ ਗੁਦਾਮ ਨਿਗਮ ਦੇ ਕੁਝ ਅਧਿਕਾਰੀਆਂ, ਕਰਮਚਾਰੀਆਂ ਦੀ ਮਿਲੀਭੁਗਤ ਹੋਣ ਦੀ ਵੀ ਸੰਭਾਵਨਾ ਹੈ।ਇਨ੍ਹਾਂ ਵਿਅਕਤੀਆਂ ਨੇ ਦੂਜੇ ਰਾਜਾਂ ਤੋਂ ਸਸਤੇ ਭਾਅ ’ਤੇ ਝੋਨਾ ਖਰੀਦਿਆ ਅਤੇ ਇਸ ਨੂੰ ਹਰਿਆਣਾ ਵਿੱਚ ਘੱਟੋ-ਘੱਟ ਸਮਰਥਨ ਮੁੱਲ ’ਤੇ ਵੇਚ ਕੇ ਕਰੋੜਾਂ ਰੁਪਏ ਦਾ ਗੈਰ-ਕਾਨੂੰਨੀ ਮੁਨਾਫ਼ਾ ਕਮਾਇਆ ਅਤੇ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ। ਇਸ ਮਾਮਲੇ ਵਿੱਚ ਪੁਲੀਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਅਤੇ ਹੋਰ ਵਿਸਥਾਰਤ ਜਾਂਚ ਜਾਰੀ ਹੈ। ਜਾਂਚ ਦੌਰਾਨ, ਹੋਰ ਸ਼ਾਮਲ ਵਿਅਕਤੀਆਂ ਬਾਰੇ ਵੀ ਜਾਂਚ ਕੀਤੀ ਜਾਵੇਗੀ।