ਪ੍ਰਭੂ ਦਿਆਲ
ਸਿਰਸਾ, 5 ਫਰਵਰੀ
ਇਥੋਂ ਦੇ ਕਸਬੇ ਰਾਣੀਆਂ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਪਿਓ-ਪੁੱਤਰ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਮ੍ਰਿਤਕ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਮਹਿਲਾ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਫਤਿਹਪੁਰੀਆ ਵਾਸੀ ਸੁਨੀਲ ਆਪਣੀ ਪਤਨੀ ਗੁਰਪ੍ਰੀਤ ਕੌਰ ਤੇ ਛੇ ਸਾਲਾ ਪੁੱਤਰ ਨਵਦੀਪ ਤੇ ਰਿਸ਼ੇਤਦਾਰ ਸੁਨੀਲ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਣੀਆਂ ਜਾ ਰਿਹਾ ਸੀ। ਇਸ ਦੌਰਾਨ ਰਾਣੀਆਂ ਨੇੜੇ ਸਥਿਤ ਪੈਟਰੋਲ ਪੰਪ ਕੋਲ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਮੋਟਰਸਾਈਕਲ ’ਤੇ ਸਵਾਰ ਚਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ। ਸੁਨੀਲ ਤੇ ਉਸ ਦੇ ਪੁੱਤਰ ਅਤੇ ਰਿਸ਼ਤੇਦਾਰ ਦੀ ਜ਼ਿਆਦਾ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮਹਿਲਾ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲੀਸ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀਆਂ ਦੇਹਾਂ ਹਸਪਤਾਲ ਪਹੁੰਚਾਈਆਂ। ਪੁਲੀਸ ਨੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।