ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਤਿਰੰਗਾ ਯਾਤਰਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਦੇਸ਼ ਦੇ ਬਹਾਦਰ ਸਪੂਤਾਂ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਤਿਰੰਗਾ ਯਾਤਰਾ ਰਾਹੀਂ ਕੁਰੂਕਸ਼ੇਤਰ ਦੀ ਧਰਤੀ ਦੇ ਨਾਗਰਿਕਾਂ ਵਿਚ ਦੇਸ਼ ਭਗਤੀ ਦਾ ਜੋਸ਼ ਤੇ ਭਾਵਨਾ ਭਰੀ ਗਈ ਹੈ। ਇਸ ਤਿਰੰਗਾ ਯਾਤਰਾ ਦਾ ਸਮਾਜ ਸੇਵਕਾਂ ਤੇ ਧਾਰਮਿਕ ਸੰਗਠਨਾਂ ਦੇ ਨਾਲ ਨਾਲ ਦੇਸ਼ ਦੀ ਨੌਜਵਾਨ ਪੀੜੀ ਨੇ ਵੱਖ ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਬੜੇ ਹੀ ਉਤਸ਼ਾਹ ਨਾਲ ਸਵਾਗਤ ਕੀਤਾ।
ਇਸ ਤਿਰੰਗਾ ਯਾਤਰਾ ਵਿਚ ਆਮ ਨਾਗਰਿਕਾਂ ਦੇ ਨਾਲ ਨਾਲ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਵੀ ਦੇਸ਼ ਨੂੰ ਆਜ਼ਾਦ ਕਰਾਉਣ ਵਾਲੇ ਨਾਇਕਾਂ ਨੂੰ ਯਾਦ ਕੀਤਾ। ਤਿਰੰਗਾ ਯਾਤਰਾ ਦੀ ਅਗਵਾਈ ਮੁੱਖ ਮੰਤਰੀ ਨੇ ਕੀਤੀ। ਮੁੱਖ ਮੰਤਰੀ ਨੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ 15 ਅਗਸਤ ਤੱਕ ਹਰ ਘਰ ਹਰ ਪਿੰਡ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ।
ਸੈਣੀ ਨੇ ਕਿਹਾ ਕਿ ਤਿਰੰਗਾ ਯਾਤਰਾ ਰਾਹੀਂ ਇਹ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ ਜਿਨ੍ਹਾਂ ਦੀ ਬਦੌਲਤ ਅਸੀਂ ਖੁੱਲੀ ਹਵਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਕ ਸਮਾਗਮ ਹੀ ਨਹੀਂ ਸਗੋਂ ਦੇਸ਼ ਭਗਤੀ ਦੀ ਭਾਵਨਾ ਤੇ ਕੁਰਬਾਨੀ ਦੀ ਭਾਵਨਾ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਅੱਜ ਮੌਜੂਦ ਸਾਰੇ ਲੋਕਾਂ ਨੂੰ ਇਸ ਤਿਰੰਗਾ ਯਾਤਰਾ ਰਾਹੀਂ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਹਮੇਸ਼ਾ ਲਈ ਇਕਜੁੱਟ ਰਹਿਣਗੇ। ਇਸ ਤਿਰੰਗਾ ਯਾਤਰਾ ਰਾਹੀਂ ਪੂਰੇ ਹਰਿਆਣਾ ਤੇ ਦੇਸ਼ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਦੇਸ਼ ਭਗਤੀ ਹਰ ਇੱਕ ਨਾਗਰਿਕ ਦੇ ਕਣ-ਕਣ ਵਿਚ ਹੈ। ਇਸ ਮੌਕੇ ਮੁੱਖ ਮੰਤਰੀ ਦੇ ਦਫ਼ਤਰ ਇੰਚਾਰਜ ਕੈਲਾਸ਼ ਸੈਣੀ, ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਗੋਲਡੀ, ਚੇਅਰਮੈਨ ਧਰਮਬੀਰ ਮਿਰਜਾਪੁਰ, ਭਾਜਪਾ ਆਗੂ ਰਾਹੁਲ ਸ਼ਰਮਾ, ਰਾਮ ਕੁਮਾਰ ਰੰਬਾ, ਡਾ ਗਣੇਸ਼ ਦੱਤ, ਨਾਇਬ ਸਿੰਘ ਪਟਾਕ ਮਾਜਰਾ, ਹਰਮੇਸ਼ ਸੈਣੀ ਤੇ ਹੋਰ ਪਤਵੰਤੇ ਹਾਜ਼ਰ ਸਨ।