ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਕੁਰੂਕਸ਼ੇਤਰ ਵਲੋਂ ਜ਼ਿਲ੍ਹੇ ਦੇ ਪਿੰਡ ਲੁੱਖੀ ਦੇ ਕਿਸਾਨਾਂ ਲਈ ਫਸਲਾਂ ਦੀ ਰਹਿੰਦ-ਖੂਹੰਦ ਪ੍ਰਬੰਧਨ ਬਾਰੇ ਪੰਜ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਕੁਰੂਕਸ਼ੇਤਰ ਦੇ ਸੀਨੀਅਰ ਕੋਆਰਡੀਨੇਟਰ ਡਾ. ਬਲਜੀਤ ਸਿੰਘ ਸਹਾਰਨ ਦੀ ਅਗਵਾਈ ਵਿੱਚ ਪਿੰਡ ਲੁੱਖੀ ਦੇ 25 ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿਚ ਮਿਲਾ ਕੇ ਸਹੀ ਢੰਗ ਨਾਲ ਪ੍ਰਬੰਧਨ ਕਰਨ ਲਈ ਸਿਖਲਾਈ ਦਿੱਤੀ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਜ਼ਿਲੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਡੀਕੰਪੋਜ਼ਰ ਦੀ ਵਰਤੋਂ ਕਰਕੇ ਪਰਾਲੀ ਨੂੰ ਸੜਨ ਤੇ ਖੇਤ ਵਿਚ ਸ਼ਾਮਲ ਕਰਨ ਦੇ ਜੈਵਿਕ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੀ ਵਿਗਿਆਨੀ ਡਾ. ਸਰਿਤਾ ਰਾਣੀ ਨੇ ਇਸ ਸਿਖਲਾਈ ਦੇ ਕੋਰਸ ਕੋਆਰਡੀਨੇਟਰ ਵਜੋਂ ਮੁੱਖ ਭੂਮਿਕਾ ਨਿਭਾਈ।
ਕੇਂਦਰ ਦੇ ਵਿਗਿਆਨੀ ਡਾ. ਮਨੋਜ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦਿਖਾਈਆਂ ਤੇ ਉਨ੍ਹਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਪ੍ਰਦੀਪ ਨੇ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਭਰਤ ਵਾਹੀ ਨੇ ਖੇਤੀ ਬਾੜੀ ਉਪਕਰਨਾਂ ਲਈ ਸਬਸਿਡੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਡਾ. ਬਲਜੀਤ ਸਿੰਘ ਸਹਾਰਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ ਖੂਹੰਦ ਪ੍ਰਬੰਧਨ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਤੇ ਰਹਿੰਦ ਖੂਹੰਦ ਨੂੰ ਸਾੜਨ ਦੀ ਬਜਾਏ ਆਪਣੇ ਖੇਤਾਂ ਵਿਚ ਮਿਲਾਉਣ। ਕਿਸਾਨਾਂ ਨੇ ਵੀ ਅਧਿਕਾਰੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਤੇ ਸਿਖਲਾਈ ਪ੍ਰੋਗਰਾਮ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਦਾ ਧੰਨਵਾਦ ਕੀਤਾ।

