ਪ੍ਰਭੂ ਦਿਆਲ
ਸਿਰਸਾ, 26 ਜੁਲਾਈ
ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦਾ ਵਿਰੋਧ ਕਰਦੇ ਸਮੇਂ ਸਪੀਕਰ ਦੀ ਗੱਡੀ ਦੇ ਸ਼ੀਸ਼ੇ ਟੁੱਟਣ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਸੌ ਤੋਂ ਵੱਧ ਕਿਸਾਨਾਂ ’ਤੇ ਦੇਸ਼ਧ੍ਰੋਹ ਤੇ ਹੋਰ ਸੰਗੀਨ ਧਾਰਾਵਾਂ ਤਹਿਤ ਦਰਜ ਕੇਸ ’ਚ ਪੰਜ ਕਿਸਾਨਾਂ ਦੀ ਰਿਹਾਈ ’ਤੇ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਹਰਿਆਣਾ ਜਾਟ ਧਰਮਸ਼ਾਲਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰੂਖੇੜਾ ਨੇ ਕਿਹਾ ਕਿ ਜ਼ਮਾਨਤ ਦੇ ਨਾਂ ’ਤੇ ਕਿਸਾਨਾਂ ਵਿੱਚ ਫੁੱਟ ਪੈਦਾ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਕਿਸਾਨ ਚੰਗੀ ਤਰ੍ਹਾਂ ਸਮਝ ਰਹੇ ਹਨ। ਭਾਰੂਖੇੜਾ ਨੇ ਕਿਹਾ ਕਿ ਜ਼ਮਾਨਤ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਕਿਸਾਨਾਂ ਵਿੱਚ ਭਰਮ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜੇਲ੍ਹ ਗਏ ਕਿਸਾਨਾਂ ਦੀ ਜ਼ਮਾਨਤ ਕਰਵਾਉਣ ਤੋਂ ਸਾਫ਼ ਇਨਕਾਰ ਕੀਤਾ ਸੀ ਪਰ ਸਰਕਾਰ ਕਿਸਾਨਾਂ ਦੇ ਇਕੱਠ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੇ ਮਰਨ ਵਰਤ ਨੇ ਸਰਕਾਰ ਨੂੰ ਕਿਸਾਨਾਂ ਨੂੰ ਰਿਹਾਅ ਕਰਨ ਲਈ ਮਜਬੂਰ ਕਰ ਦਿੱਤਾ। ਹੁਣ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਤੋੜਨ ਲਈ ਕਈ ਤਰ੍ਹਾਂ ਹੱਥਕੰਡੇ ਅਪਨਾ ਰਹੀ ਹੈ, ਕਿਸਾਨ ਉਸ ਦੀਆਂ ਚਾਲਾਂ ਸਫਲ ਨਹੀਂ ਹੋਣ ਦੇਣਗੇ। ਇਸ ਮੌਕੇ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ, ਮਨਦੀਪ ਨਥਵਾਨ ਆਦਿ ਮੌਜੂਦ ਸਨ।