ਵਾਈ ਪੂਰਨ ਕੁਮਾਰ ਨੂੰ ਸ਼ਰਧਾਂਜਲੀਆਂ ਭੇੇਟ
ਪੀ ਪੀ ਵਰਮਾ
ਇਥੋਂ ਦੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਹਰਿਆਣਾ ਸਰਕਾਰ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨਮਿਤ ਅੰਤਿਮ ਅਰਦਾਸ ਹੋਈ। ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਸਮੇਤ 31 ਮੈਂਬਰੀ ਸੰਘਰਸ਼ ਮੌਰਚੇ ਦੇ ਆਗੂਆਂ ਨੇ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼ਰਧਾਂਜਲੀ ਸਮਾਰੋਹ ਵਿੱਚ ਵਾਈ ਪੂਰਨ ਕੁਮਾਰ ਦੀ ਧੀ ਅਮੂਲਯ ਨੇ ਸ਼ੋਕ ਸੁਨੇਹਾ ਪੜ੍ਹਿਆ। ਦਿੱਲੀ ਦੇ ਸਾਬਕਾ ਮੰਤਰੀ ਸੰਦੀਪ ਵਾਲਮੀਕਿ ਨੇ ਕਿਹਾ ਕਿ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਜਲਦੀ ਹੀ ਵਾਈ ਪੂਰਨ ਕੁਮਾਰ ਨਮਿਤ ਸ਼ਰਧਾਂਜਲੀ ਸਮਾਰੋਹ ਰੱਖਿਆ ਜਾਵੇਗਾ। ਅੰਤਿਮ ਅਰਦਾਸ ਸਮਾਰੋਹ ਵਿੱਚ ਪੁੱਜੇ ਲੋਕਾਂ ਦਾ ਮਰਹੂਮ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੇ ਧੰਨਵਾਦ ਕੀਤਾ। ਹਰਿਆਣਾ ਕਾਂਗਰਸ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਆਪਣੇ ਸੋਕ ਸੁਨੇਹੇ ਵਿੱਚ ਕਿਹਾ ਕਿ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਨਿਡਰ ਹੋ ਕੇ ਆਪਣੀ ਗੱਲ ਕਹਿ ਸਕਣ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਵਾਈ ਪੂਰਨ ਕੁਮਾਰ ਦੇ ਕੇਸ ਦੀ ਜਾਂਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲੀਸ ਦੀ ਥਾਂ ਸੀ ਬੀ ਆਈ ਤੋਂ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਇੱਕ ਮੈਂਬਰ ਚਲਾ ਗਿਆ ਹੈ ਪਰ ਉਹ ਦੱਬੇ ਕੁਚਲੇ ਲੋਕਾਂ ਦੇ ਦਿਲਾਂ ਵਿੱਚ ਲੜਨ ਦੀ ਭਾਵਨਾ ਜਗਾ ਗਿਆ। ਇਸ ਤੋਂ ਇਲਾਵਾ ਸਮਾਰੋਹ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਵੀ ਪੁੱਜੇ ਹੋਏ ਸਨ।
ਜ਼ਿਕਰਯੋਗ ਹੈ ਕਿ ਸੱਤ ਅਕਤੂਬਰ ਨੂੰ ਹਰਿਆਣਾ ਦੇ ਆਈ ਜੀ ਵਾਈ ਪੂਰਨ ਕੁਮਾਰ ਨੇ ਚੰਡੀਗੜ੍ਹ ਸਥਿਤ ਆਪਣੀ ਕੋਠੀ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਅੱਠ ਅਕਤੂਬਰ ਨੂੰ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਜਦੋਂ ਜਾਪਾਨ ਦੌਰੇ ਤੋਂ ਵਾਪਸ ਆਈ ਤਾਂ ਉਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਲਈ ਪੁਲੀਸ ਕੋਲ ਸ਼ਿਕਾਇਤ ਕੀਤੀ। ਨੌਂ ਅਕਤੂਬਰ ਨੂੰ 15 ਜਣਿਆਂ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਗਈ ਸੀ।
