ਪੱਤਰ ਪ੍ਰੇਰਕ
ਯਮੁਨਾਨਗਰ, 28 ਸਤੰਬਰ
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ’ਤੇ ਇੱਥੇ ਮਾਡਲ ਟਾਊਨ ਵਿੱਚ ਕਰਵਾਏ ਸਮਾਗਮ ਦੌਰਾਨ ਭਾਜਪਾ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਅਪਣੇ ਸਾਥੀਆਂ ਨਾਲ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਭਗਤ ਸਿੰਘ ਪਾਰਕ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲਾਂ ਦੀ ਮਾਲਾ ਭੇਟ ਕਰਦਿਆਂ ਕਿਹਾ ਕਿ ਅਸੀਂ ਸਾਰੇ ਭਾਰਤ ਵਾਸੀ ਸ਼ਹੀਦ ਭਗਤ ਸਿੰਘ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ । ਉਨ੍ਹਾਂ ਕਿਹਾ ਕਿ ਹਰ ਭਾਰਤੀ ਉਨ੍ਹਾਂ ਦੀ ਅਮਰ ਕੁਰਬਾਨੀ ਦਾ ਰਿਣੀ ਹੈ । ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਬਹੁਤ ਹੀ ਵੱਡਾ ਯੋਗਦਾਨ ਹੈ। ਇਸ ਮੌਕੇ ਹੋਰਨਾਂ ਆਗੂਆਂ ਨੇ ਕਿਹਾ ਕਿ ਸ਼ਹੀਦ ਸਭ ਦੇ ਸਾਂਝੇ ਹੁੰਦੇ ਹਨ। ਇਸ ਲਈ ਇਨ੍ਹਾਂ ਦੇ ਨਾਮ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਇਸ ਮੌਕੇ ਪੰਚਾਇਤ ਮੈਂਬਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਂਪ ਦੌਰਾਨ 45 ਯੂਨਿਟ ਖੂਨ ਇੱਕਠਾ ਕੀਤਾ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਮੈਮੋਰੀਅਲ ਸੁਸਾਇਟੀ ਦਬਖੇੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸੰਦਰਭ ਵਿਚ 24ਵਾਂ ਖੂਨ ਦਾਨ ਕੈਂਪ ਲਇਆ ਗਿਆ। ਇਸ ਵਿਚ 45 ਯੂਨਿਟ ਖੂਨ ਇੱਕਠਾ ਕੀਤਾ ਗਿਆ। ਕੈਂਪ ਦਾ ਸ਼ੁਭ ਆਰੰਭ ਸਮਾਜ ਸੇਵੀ ਸੰਦੀਪ ਗਰਗ ਨੇ ਕਰਦਿਆਂ ਕਿਹਾ ਕਿ ਖੂਨ ਦਾਨ ਕਰਨ ਨਾਲ ਵਿਅਕਤੀ ਦੀ ਸਿਹਤ ’ਤੇ ਕੋਈ ਮਾੜਾ ਅਸਰ ਨਹੀਂ ਪੈਂਦਾ ਪਰ ਕਿਸੇ ਦੂਜੇ ਵਿਅਕਤੀ ਨੂੰ ਜੀਵਨ ਦਾਨ ਮਿਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਜੋ ਖੂਨ ਦਾਨ ਕੈਂਪ ਲਾਇਆ ਗਿਆ ਹੈ, ਇਹ ਸ਼ਲਾਘਾਯੋਗ ਹੈ। ਉਨ੍ਹਾਂ ਇਸ ਮੌਕੇ ਸ਼ਹੀਦ ਦੀ ਯਾਦ ਵਿਚ ਇਕ ਪੌਦਾ ਵੀ ਲਾਇਆ। ਖੂਨ ਦਾਨੀਆਂ ਨੂੰ ਬੈਜ ਲਾ ਕੇ ਸਨਮਾਨਿਤ ਕੀਤਾ ਗਿਆ।