ਦਿੱਲੀ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਨਗਰ ਕੀਰਤਨ ਕੌਮੀ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚੇ। ਦਿੱਲੀ ਦੇ ਸਿੱਖਾਂ ਵਿੱਚ ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਇਸ ਸ਼ਹਿਰ ਦੇ ਸਿੱਖ ਭਾਈਚਾਰੇ ਵਿੱਚ ਕਿਤੇ ਉਹ ਦੁਵਿਧਾ ਵਾਲੀ ਹਾਲਤ ਨਾ ਬਣ ਜਾਵੇ, ਜੋ ਨਾਨਕ ਸ਼ਾਹੀ ਕੈਲੰਡਰ ਨੂੰ ਤਤਕਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਗੂ ਕਰਨ ਕਰਕੇ ਭੰਬਲਭੂਸਾ ਬਣਿਆ ਸੀ। ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਕਈਆਂ ਨੇ ਤੌਖਲੇ ਪ੍ਰਗਟ ਕੀਤੇ ਕਿ ਇਸ ਤਰ੍ਹਾਂ ਕੌਮ ਦੀਆਂ ਦੋ ਵੱਡੀਆਂ ਸਿੱਖ ਸੰਸਥਾਵਾਂ ਵੱਲੋਂ ਤਾਲਮੇਲ ਨਾ ਕਰਕੇ ਦੋ ਅਹਿਮ ਨਗਰ ਕੀਰਤਨ ਕੱਢੇ ਗਏ। ਅੱਜ ਇੱਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿੱਚ ਆਇਆ ਜੋ ਅਸਾਮ ਤੋਂ ਚੱਲਿਆ ਹੋਇਆ ਹੈ ਅਤੇ ਅੱਜ ਹੀ ਦਿੱਲੀ ਕਮੇਟੀ ਵੱਲੋਂ ਸ੍ਰੀ ਪਟਨਾ ਸਾਹਿਬ ਲਈ ਇੱਕ ਨਗਰ ਕੀਰਤਨ ਸ਼ੁਰੂ ਕੀਤਾ ਗਿਆ।
ਕਈ ਸਿੱਖਾਂ ਨੇ ਕਿਹਾ ਕਿ ਜਾਪਦਾ ਹੈ ਕਿ ਦੋਵੇਂ ਕਮੇਟੀਆਂ ਆਪਣਾ ਸ਼ਕਤੀ ਪ੍ਰਦਰਸ਼ਨ ਕਰਨਾ ਚਾਹੁੰਦੀਆਂ ਹਨ, ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਦਿੱਲੀ ਦੇ ਸਿੱਖਾਂ ਲਈ ਇਹ ਨਗਰ ਕੀਰਤਨ ਬਹੁਤ ਅਹਿਮੀਅਤ ਰੱਖਦੇ ਹਨ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਚਾਂਦਨੀ ਚੌਕ ਵਿਖੇ ਹੋਈ ਸੀ ਜਿੱਥੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਸਥਾਪਤ ਹੈ। ਇੱਥੇ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਦੇਹ ਦਾ ਸਸਕਾਰ ਕੀਤਾ ਗਿਆ ਸੀ, ਉਥੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਾਪਤ ਹੈ।

