ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਅਪਰੈਲ
ਇਥੋਂ ਦੇ ਪਿੰਡ ਗੁਡੀਆਖੇੜਾ ਤੇ ਢੁਕੜਾ ਵਿਚਾਲੇ ਵਾਪਰੇ ਇਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਤੀਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਦੇਹਾਂ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲੀਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢੁਕੜਾ ਵਾਸੀ ਅਭੈ ਕੁਮਾਰ ਆਪਣੇ ਸਾਥੀ ਪੰਕਜ ਵਾਸੀ ਦੌਲਤਪੁਰੀਆ ਨਾਲ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਭਿਵਾਨੀ ਵਾਸੀ ਰਿਸ਼ਤੇਦਾਰ ਆਜ਼ਾਦ ਨੂੰ ਬੱਸ ਅੱਡ ਤੋਂ ਲੈਣ ਲਈ ਆਏ ਸਨ। ਦੱਸਿਆ ਗਿਆ ਹੈ ਕਿ ਜਦੋਂ ਉਹ ਆਜ਼ਾਦ ਨੂੰ ਲੈ ਕੇ ਵਾਪਿਸ ਪਿੰਡ ਪਰਤ ਰਹੇ ਸਨ ਤਾਂ ਪਿੰਡ ਗੁਡੀਆਖੇੜਾ ਤੇ ਢੁਕੜਾ ਦੇ ਵਿਚਾਲੇ ਕਿਸੇ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਨਾਲ ਤਿੰਨੇ ਸੜਕ ’ਤੇ ਡਿੱਗ ਪਏ। ਅਭੈ ਕੁਮਾਰ ਤੇ ਪੰਕਜ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰਾਹਗੀਰਾਂ ਤੇ ਪਿੰਡ ਵਾਸੀਆਂ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਤੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।