ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਬਜਟ 2021-22 ਨੂੰ ਵਿਕਾਸ ਪੱਖੀ, ਗ਼ਰੀਬ ਹਿਤੈਸ਼ੀ ਅਤੇ ਭਵਿੱਖ ਦੇ ਅਨੁਕੂਲ ਦੱਸਦਿਆਂ ਕਿਹਾ ਕਿ ਬਜਟ ਵਿੱਚ ਖੇਤੀ, ਸਿਹਤ ਸੇਵਾਵਾਂ, ਬੁਨਿਆਦੀ ਢਾਂਚੇ, ਮਹਿਲਾਵਾਂ ਅਤੇ ਸੀਨੀਅਰ ਸਿਟੀਜ਼ਨਜ਼ ’ਤੇ ਧਿਆਨ ਦਿੱਤੇ ਜਾਣ ਨਾਲ ਹਰਿਆਣਾ ਦੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ 137 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ ਤਾਂ ਜੋ ਦੇਸ਼ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣ ਸਕਣ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਸਵਾਗਤ ਕਰਦਿਆਂ ਇਸ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਸਿਹਤ ਦੇ ਖੇਤਰ ਵਿੱਚ ਵਾਧਾ ਕਰਨ, ਖੇਤੀਬਾੜੀ ਅਤੇ ਪੇਂਡੂ ਖੇਤਰ ਵਿੱਚ ਬਿਹਤਰੀ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਲਾ ਬਜਟ ਦੱਸਿਆ ਹੈ।
ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ: ਕੁਮਾਰੀ ਸ਼ੈਲਜਾ
ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਆਮ ਲੋਕਾਂ ਨੂੰ ਕੁਝ ਨਹੀਂ ਦਿੱਤਾ ਗਿਆ। ਦੇਸ਼ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ ਅਤੇ ਰੁਜ਼ਗਾਰ ਦੇ ਸਾਧਨ ਖਤਮ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰਦੀ ਆ ਰਹੀ ਹੈ ਪਰ ਕੇਂਦਰ ਸਰਕਾਰ ਨੇ ਕਿਸਾਨੀ ਦਾ ਬਜਟ 6 ਫ਼ੀਸਦੀ ਘਟਾ ਦਿੱਤਾ ਹੈ। ਇਸ ਤੋਂ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ।