DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਜਟ ਇਜਲਾਸ: ਹਰਿਆਣਾ ਵਿਧਾਨ ਸਭਾ ਵਿੱਚ ਹੰਗਾਮਾ

ਸਪੀਕਰ ਵੱਲੋਂ ਕਾਂਗਰਸ ਦਾ ਕੰਮ ਰੋਕੂ ਮਤਾ ਰੱਦ; ਵਿਰੋਧੀ ਧਿਰ ਨੇ ਬੈਂਕ ਘੁਟਾਲੇ ਦਾ ਮੁੱਦਾ ਚੁੱਕਿਆ; ਮੁੱਖ ਮੰਤਰੀ ਵੱਲੋਂ ਜਾਂਚ ਦਾ ਭਰੋਸਾ

  • fb
  • twitter
  • whatsapp
  • whatsapp
Advertisement

ਹਰਿਆਣਾ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਅੱਜ ਸਦਨ ਵਿੱਚ ਖ਼ੂਬ ਹੰਗਾਮਾ ਹੋਇਆ। ਕਾਂਗਰਸ ਪਾਰਟੀ ਨੇ ਵੱਖ-ਵੱਖ ਮੁੱਦਿਆਂ ’ਤੇ ਸੱਤਾਧਾਰੀ ਭਾਜਪਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸ ਨੇ ਸਦਨ ਵਿੱਚ ਕੰਮ ਰੋਕੂ ਮਤਾ ਰੱਖਿਆ, ਜਿਸ ਨੂੰ ਸਪੀਕਰ ਨੇ ਰੱਦ ਕਰ ਦਿੱਤਾ। ਮੁੱਖ ਵਿਰੋਧੀ ਧਿਰ ਨੇ ਕੁਝ ਦੇਰ ਲਈ ਵਾਕਆਊਟ ਵੀ ਕੀਤਾ। ਕਾਂਗਰਸ ਨੇ ਆਈ ਡੀ ਐੱਫ ਸੀ ਬੈਂਕ ਵਿੱਚ ਹਰਿਆਣਾ ਸਰਕਾਰ ਦੇ ਬੈਂਕ ਖਾਤਿਆਂ ਵਿਚ 590 ਕਰੋੜ ਰੁਪਏ ਦੀ ਧੋਖਾਧੜੀ ਦਾ ਮਸਲਾ ਚੁੱਕਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਸੂਬੇ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਤੇ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਅੱਜ ਦੂਜੇ ਦਿਨ ਕਾਂਗਰਸੀ ਵਿਧਾਇਕ ਗੀਤਾ ਭੁੱਕਲ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (ਐੱਚ ਪੀ ਐੱਸ ਸੀ) ਅਤੇ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਚ ਐੱਸ ਐੱਸ ਸੀ) ਵਿੱਚ ਭਰਤੀਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕੰਮ ਰੋਕੂ ਮਤਾ ਪੇਸ਼ ਕਰਕੇ ਇਨ੍ਹਾਂ ਰਾਹੀਂ ਕੀਤੀ ਭਰਤੀਆਂ ਬਾਰੇ ਵਿਚਾਰ-ਚਰਚਾ ਕਰਵਾਉਣ ਦੀ ਮੰਗ ਕੀਤੀ। ਸਪੀਕਰ ਹਰਵਿੰਦਰ ਕਲਿਆਣ ਨੇ ਇਹ ਕਹਿੰਦਿਆਂ ਮਤਾ ਰੱਦ ਕਰ ਦਿੱਤਾ ਕਿ ਮਾਮਲਾ ਜਾਂਚ ਅਧੀਨ ਹੋਣ ਕਰਕੇ ਇਸ ’ਤੇ ਵਿਚਾਰ-ਚਰਚਾ ਨਹੀਂ ਕੀਤੀ ਜਾ ਸਕਦੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤ ਦੇ ਮੁੱਦਿਆਂ ’ਤੇ ਚਰਚਾ ਕਰਵਾਉਣ ਤੋਂ ਡਰ ਰਹੀ ਹੈ। ਉਪਰੰਤ ਕਾਂਗਰਸੀ ਵਿਧਾਇਕਾਂ ਨੇ ਵੈੱਲ ਵਿੱਚ ਪਹੁੰਚ ਕੇ ਹੰਗਾਮਾ ਕੀਤਾ ਅਤੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰ ਗਏ। ਕਾਂਗਰਸੀ ਵਿਧਾਇਕ ਕੁਝ ਸਮੇਂ ਬਾਅਦ ਮੁੜ ਵਿਧਾਨ ਸਭਾ ਵਿੱਚ ਆ ਗਏ। ਉਨ੍ਹਾਂ ਆਈ ਡੀ ਐੱਫ ਸੀ ਬੈਂਕ ਘੁਟਾਲੇ ਦਾ ਮੁੱਦਾ ਚੁੱਕਿਆ ਅਤੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਨੂੰ ਰੱਦ ਕਰਨ ਦੀ ਮੰਗ ਕੀਤੀ।

Advertisement

ਰਾਜਪਾਲ ’ਤੇ ਭਾਸ਼ਣ ’ਤੇ ਚਰਚਾ ਕਰਦਿਆਂ ਕਾਂਗਰਸੀ ਵਿਧਾਇਕ ਅਸ਼ੋਕ ਅਰੋੜਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਵਿੱਚ ਸਿਹਤ, ਪ੍ਰਦੂਸ਼ਣ, ਪਸ਼ੂ ਪਾਲਣ, ਟਰਾਂਸਪੋਰਟ ਬਾਰੇ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ ਖੁਦਕੁਸ਼ੀ ਕੀਤੀ, ਦੋ ਖਿਡਾਰੀਆਂ ਦੀ ਮੌਤ ਹੋ ਗਈ, ਸੂਰਜਕੁੰਡ ਮੇਲੇ ਵਿੱਚ ਝੂਲਾ ਟੁੱਟ ਗਿਆ, ਪਰ ਭਾਸ਼ਣ ਵਿੱਚ ਕਿਸੇ ਵੀ ਘਟਨਾ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਅਰੋੜਾ ਨੇ ਮੰਗ ਕੀਤੀ ਕਿ ਹਰਿਆਣਾ ਵਿੱਚ ਝੋਨੇ ਦੀ ਖਰੀਦ ਸਬੰਧੀ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ ਵੀ ਕਾਂਗਰਸ ਤੇ ਭਾਜਪਾ ਵਿਧਾਇਕਾਂ ਵੱਲੋਂ ਹਰਿਆਣਾ ਦੇ ਵੱਖ-ਵੱਖ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਚੁੱਕਿਆ ਗਿਆ।

Advertisement

Advertisement
×