ਪੱਤਰ ਪ੍ਰੇਰਕ
ਕਾਲਾਂਵਾਲੀ, 15 ਸਤੰਬਰ
ਐੱਸਸੀਐੱਸਟੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਦੁਪਹਿਰੇ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗ੍ਰੰਥਸਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਛਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰੇ ਦੇ ਮੁੱਖ ਸੇਵਾਦਾਰ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੈ ਸਾਂਪਲਾ ਨੇ ਕਿਹਾ ਕਿ ਜਾਤੀਵਾਦ ਅਤੇ ਛੂਤ-ਛਾਤ ਵਰਗੀਆਂ ਬੁਰਾਈਆਂ ਸੂਬੇ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਮੌਜੂਦ ਹਨ ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਵੀ ਕਈ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੀ ਪੜਤਾਲ ਕਰਕੇ ਹੱਲ ਕਰਨ ਦਾ ਕੰਮ ਕੀਤਾ ਜਾਂਦਾ ਹੈ। ਯੂਪੀ ਦੇ ਲਖੀਮਪੁਰ ਖੇੜੀ ਵਿੱਚ ਦੋ ਦਲਿਤ ਲੜਕੀਆਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਮੀਡੀਆ ਰਾਹੀਂ ਪਤਾ ਲੱਗਿਆ ਹੈ ਤੇ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ 15 ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਸੰਤ ਬਲਜੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ|