Vikramjit Singh Sahney: ਪੰਜਾਬ ਸਰਕਾਰ ਵੱਲੋਂ ਹੋਰ ਕਰਜ਼ਾ ਲੈਣਾ ਚਿੰਤਾ ਦਾ ਵਿਸ਼ਾ: ਸਾਹਨੀ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਅੱਜ ਇੱਕ ਵਾਰ ਫਿਰ ਲਗਪਗ 2,500 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁੱਲ ਕਰਜ਼ਾ 5 ਲੱਖ ਕਰੋੜ ਰੁਪਏ ਤੋਂ ਵੱਧ ਹੋ...
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਅੱਜ ਇੱਕ ਵਾਰ ਫਿਰ ਲਗਪਗ 2,500 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁੱਲ ਕਰਜ਼ਾ 5 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਸ੍ਰੀ ਸਾਹਨੀ ਨੇ ਕਿਹਾ ਕਿ ਲਗਾਤਾਰ ਕਰਜ਼ਾ ਲੈਣ ਦੇ ਬਾਵਜੂਦ ਲਗਪਗ 7 ਲੱਖ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਹੁਣ ਵੀ ਕਰੀਬ 15,000 ਕਰੋੜ ਰੁਪਏ ਦੇ ਬਰਾਬਰ ਮਹਿੰਗਾਈ ਭੱਤਾ (ਡੀ ਏ) ਦੀ ਉਡੀਕ ਕਰ ਰਹੇ ਹਨ, ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਸਬੰਧ ਵਿੱਚ ਸਪੱਸ਼ਟ ਤੌਰ ’ਤੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 136 ਸਹਾਇਤਾ ਪ੍ਰਾਪਤ ਕਾਲਜਾਂ ਨੂੰ ਜਿਨ੍ਹਾਂ ਵਿੱਚ ਕਈ ਸਦੀ ਪੁਰਾਣੇ ਹਨ, ਨੂੰ ਜਨਵਰੀ 2026 ਤੋਂ ਹੁਣ ਤੱਕ ਗ੍ਰਾਂਟ-ਇਨ-ਏਡ ਜਾਰੀ ਨਹੀਂ ਕੀਤੀ ਗਈ ਹੈ। ਇਸ ਕਾਰਨ ਹਜ਼ਾਰਾਂ ਅਧਿਆਪਕਾਂ ਅਤੇ ਗ਼ੈਰ-ਅਧਿਆਪਕ ਮੁਲਾਜ਼ਮਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਡਾ. ਸਾਹਨੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਇੰਨਾ ਕਰਜ਼ਾ ਲੈਣ ਦੇ ਬਾਵਜੂਦ ਲੱਖਾਂ ਕਰਮਚਾਰੀਆਂ, ਪੈਨਸ਼ਨਰ, ਅਧਿਆਪਕਾਂ ਸਣੇ ਸਹਾਇਤਾ ਪ੍ਰਾਪਤ ਸੰਸਥਾਵਾਂ ਹਾਲੇ ਵੀ ਬਕਾਇਆਂ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੇ ਵਾਅਦਿਆਂ ਨੂੰ ਪੂਰਾ ਕਰਦਿਆਂ ਤਨਖ਼ਾਹਾਂ, ਡੀ ਏ ਅਤੇ ਗ੍ਰਾਂਟ-ਇਨ-ਏਡ ਜਾਰੀ ਰੱਖਣੀਆਂ ਚਾਹੀਦੀਆਂ ਹਨ।

