ਦਿੱਲੀ ਨਗਰ ਨਿਗਮ ਦੀਆਂ 12 ਸੀਟਾਂ ’ਤੇ ਜ਼ਿਮਨੀ ਚੋਣ ਲਈ ਮਤਦਾਨ
ਇਸ ਦੌਰਾਨ ਚੋਣ ਕਮਿਸ਼ਨ ਨੇ ਦੱਸਿਆ ਕਿ ਬਾਅਦ ਦੁਪਹਿਰ 1.30 ਵਜੇ ਤੱਕ 12 ਵਾਰਡਾਂ ’ਚ 21.84 ਫ਼ੀਸਦ ਮਤਦਾਨ ਹੋਇਆ। ਮੁੱਖ ਮੰਤਰੀ ਰੇਖਾ ਗੁਪਤਾ ਨੇ ਪਰਿਵਾਰਕ ਮੈਂਬਰਾਂ ਨਾਲ ਸ਼ਾਲੀਮਾਰ ਬਾਗ਼ ਬੀ ਵਾਰਡ ’ਚ ਵੋਟ ਪਾਈ। ਇਸ ਵਾਰਡ ਤੋਂ ਪਹਿਲਾਂ ਰੇਖਾ ਗੁਪਤਾ ਨੁਮਾਇੰਦਗੀ ਕਰਦੇ ਸਨ। ਉਨ੍ਹਾਂ ਨੇ ਵੋਟਰਾਂ ਨੂੰ ਵਧ ਚੜ੍ਹ ਕੇ ਮਤਦਾਨ ਕਰਨ ਦੀ ਅਪੀਲ ਕੀਤੀ। ਇਨ੍ਹਾਂ ਜ਼ਿਮਨੀ ਚੋਣਾਂ ਇਸੇ ਵਰ੍ਹੇ ਦੇ ਸ਼ੁਰੂ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਵੱਡੀ ਜਿੱਤ ਮਗਰੋਂ ਰਾਜਧਾਨੀ ਦੇ ਵੋਟਰਾਂ ਦਾ ਮੂਡ ਪਰਖਣ ਲਈ ਅਹਿਮ ਮੌਕਾ ਮੰਨਿਆ ਜਾ ਰਿਹਾ ਹੈ।
ਸੂਬਾ ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਲਈ 143 ਮਤਦਾਨ ਕੇਂਦਰਾਂ ’ਤੇ 580 ਵੋਟਰ ਬੂਥ ਸਥਾਪਤ ਕੀਤੇ ਹਨ। ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ 2320 ਮੁਲਾਜ਼ਮ, 580 ਹੋਮਗਾਰਡ ਅਤੇ 2265 ਹੋਰ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 13 ਕੰਪਨੀਆਂ ਵੀ ਤਾਇਨਾਤ ਹਨ।
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਭਾਜਪਾ ਨੇ 70 ਵਿੱਚੋਂ 48 ਸੀਟਾਂ ਜਿੱਤ ਕੇ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕੀਤੀ ਤੇ ‘ਆਪ’ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਪਰਿਵਾਰ ਸਣੇ ਵੋਟ ਪਾਈ
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਦਿੱਲੀ ਨਗਰ ਨਿਗਮ (ਐੱਮ ਸੀ ਡੀ) ਦੀ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੌਰਾਨ ਜਿੱਥੇ ਆਪਣੀ ਵੋਟ ਪਾਈ, ਉੱਥੇ ਉਨ੍ਹਾਂ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ, ਇਸ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਮੁੱਖ ਮੰਤਰੀ ਨੇ ਆਪਣੇ ਪਰਿਵਾਰਕ ਮੈਂਬਰਾਂ ਸਣੇ ਵੋਟਾਂ ਪਾਈਆਂ। ਸ੍ਰੀਮਤੀ ਗੁਪਤਾ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਪਾਈ ਪੋਸਟ ਵਿੱਚ ਲਿਖਿਆ, ‘‘ਵੋਟ ਸਾਡੀ ਲੋਕਤੰਤਰ ਦੀ ਪਵਿੱਤਰ ਪ੍ਰਕਿਰਿਆ ਦਾ ਮਹੱਤਵਪੂਰਨ ਹਿੱਸਾ ਹੈ। ਇਸ ਵਿੱਚ ਸਾਡੀ ਸਮੂਲੀਅਤ ਲੋਕੰਤਤਰ ਨੂੰ ਮਜ਼ਬੂਤ ਕਰਦੀ ਹੈ।’’ ਦਿੱਲੀ ਦੇ 12 ਵਾਰਡਾਂ ਦੀ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਵਾਰਡਾਂ ਦੇ ਬਾਸ਼ਿੰਦਿਆਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਪਾਈ ਹੋਈ ਵੋਟ ਲੋਕਤੰਤਰ ਦੀ ਮਜ਼ਬੂਤੀ ਅਤੇ ਸ਼ਹਿਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। -ਪੀਟੀਆਈ
