ਦੇਵਿੰਦਰ ਸਿੰਘ
ਯਮੁਨਾਨਗਰ, 26 ਸਤੰਬਰ
ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਨੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਵਿੱਚ ਸੂਬੇ ਭਰ ਦੇ ਕਿਸਾਨਾਂ ਦੀ ਝੋਨੇ ਦੀ ਤਿਆਰ ਫਸਲ ਬਰਬਾਦ ਹੋਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਤੁਰੰਤ ਅੱਗੇ ਆਉਣ ਅਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ । ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਈ ਸੀਜ਼ਨਾਂ ਤੋਂ ਮੌਸਮ ਦੀ ਕਰੋਪੀ ਦਾ ਸਾਹਮਣਾ ਕਰ ਰਿਹਾ ਹਨ ਜਿਸ ਕਰਕੇ ਕਿਸਾਨਾਂ ਨੂੰ ਭਾਰੀ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਮਾ ਕੰਪਨੀਆਂ ਨੂੰ ਉੱਚ ਪ੍ਰੀਮੀਅਮ ਅਦਾ ਕਰਨ ਦੇ ਬਾਵਜੂਦ ਵੀ ਕਿਸੇ ਨੂੰ ਵੀ ਫ਼ਸਲ ਖ਼ਰਾਬ ਹੋਣ ਦਾ ਕੋਈ ਸਹਾਰਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ । ਸੁਭਾਸ਼ ਗੁੱਜਰ ਨੇ ਕਿਹਾ ਕਿ ਸਰਕਾਰ ਅਤੇ ਏਜੰਟਾਂ ਦੀ ਆਪਸੀ ਸਹਿਮਤੀ ਨਾ ਹੋਣ ਦਾ ਨੁਕਸਾਨ ਵੀ ਬੇਵਜ੍ਹਾ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ । ਉਨ੍ਹਾਂ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਸਖ਼ਤ ਫੈਸਲਾ ਲਵੇਗੀ । ਇਸ ਮੌਕੇ ਦਲਬੀਰ ਕੈਲ, ਮਹਿੰਦਰ ਸੁਢੈਲ, ਰਵਿੰਦਰਪਾਲ, ਜਨਰਲ ਸਕੱਤਰ ਬਜਿੰਦਰ ਰਾਣਾ ਗੋਲਨੀ, ਪਵਨ ਗੋਇਲ ਦਾਮਲਾ, ਸਲੀਮ ਖਾਂ, ਹਾਜ਼ਰ ਸਨ ।