ਹਲਕੇ ਦੇ ਵਿਕਾਸ ਕਾਰਜਾਂ ’ਤੇ ਤੇਜ਼ੀ ਲਿਆਉਣ ਲਈ ਵਿਧਾਇਕ ਜਰਨੈਲ ਸਿੰਘ ਨੇ ਇੱਕ ਦਿਨ ਵਿੱਚ 15 ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਲਾਭ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ।
ਵਿਧਾਇਕ ਨੇ ਪਿੰਡ ਬਾੜਾ ਵਿੱਚ ਪੰਚਾਇਤ ਵੱਲੋਂ ਵਿੱਤੀ ਵਰ੍ਹੇ 2025-26 ਤਹਿਤ ਡੀ-ਪਲਾਨ ਯੋਜਨਾ ਅਧੀਨ ਲਗਪਗ 8 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਵਿੱਚ ਤਿਆਰ ਕਰਵਾਏ ਸ਼ੈੱਡ ਅਤੇ ਮੰਚ ਦਾ ਉਦਘਾਟਨ ਕੀਤਾ। ਸਰਪੰਚ ਗੁਰਜੀਤ ਸਿੰਘ ਸਣੇ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਉਪ ਮੰਡਲ ਅਧਿਕਾਰੀ ਪੰਚਾਇਤੀ ਰਾਜ ਕੁਲਦੀਪ ਸਿੰਘ, ਖੰਡ ਵਿਕਾਸ ਅਤੇ ਪੰਚਾਇਤ ਅਧਿਕਾਰੀ ਅਨਿਲ ਕੁਮਾਰ ਆਦਿ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਵਿਧਾਇਕ ਨੇ ਦੌਰੇ ਦੀ ਸ਼ੁਰੂਆਤ ਸਵੇਰੇ 10 ਵਜੇ ਪਿੰਡ ਕਮਾਣਾ ਤੋਂ ਕੀਤੀ। ਇਸ ਤੋਂ ਬਾਅਦ ਕਨਵਲਗੜ੍ਹ, ਬਾੜਾ, ਭਾਣੀਖੇੜਾ, ਮਹਿਮੜਾ, ਨਿੱਕੂਆਣਾ, ਬਾਦਲਗੜ੍ਹ, ਬਬਨਪੁਰ, ਢਾਣੀ ਬਬਨਪੁਰ, ਲਾਂਬਾ, ਤੇਲੀਵਾੜਾ ਅਤੇ ਘਾਸਵਾ ਪਿੰਡ ਦਾ ਦੌਰਾ ਕੀਤਾ। ਇਸ ਤੋਂ ਬਾਅਦ ਸ਼ਾਮ ਨੂੰ ਚਿਮੋ, ਢਾਣੀ ਬਿਲਾਸਪੁਰ ਅਤੇ ਨਥਵਾਨ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰੇ ਦੌਰਾਨ ਵਿਧਾਇਕ ਨੇ ਲੋਕਾਂ ਤੋਂ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਨਿਕਾਸੀ ਪ੍ਰਬੰਧ, ਸਟਰੀਟ ਲਾਈਟਾਂ, ਖੇਡ ਸਹੂਲਤਾਂ ਅਤੇ ਹੋਰ ਬੁਨਿਆਦੀ ਲੋੜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਨੂੰ ਵਿਕਸਤ ਕਰਨਾ ਵੀ ਜ਼ਰੂਰੀ ਹੈ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਵਿਧਾਇਕ ਵੱਲੋਂ ਪਿੰਡਾਂ ਵਿੱਚ ਆ ਕੇ ਸਿੱਧੇ ਤੌਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।

