ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 16 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਕਾਰਜਕਾਰੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਯੂਪੀ ਵਿੱਚ ਵਸੇ ਸਿੱਖਾਂ ਨਾਲ ਕਿਸੇ ਵੀ ਤਰ੍ਹਾਂ ਦੀਆਂ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ। ਉਹ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਰਵਿੰਦਰ ਕੌਰ ਦੇ ਨਿਵਾਸ ‘ਤੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਵਸੇ ਪੰਜਾਬੀਆਂ ਦੀ ਜ਼ਮੀਨ ਹੜੱਪਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਸਿੱਖ ਭਾਈਚਾਰੇ ਨੂੰ ਦਬਾਉਣ ਦੀ ਸਾਜਿਸ਼ ਹੈ। ਇਸ ਨਾਲ ਯੂਪੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੂਬਾਈ ਬੁਲਾਰੇ ਕਵਲਜੀਤ ਸਿੰਘ ਅਜਰਾਨਾ ਨੇ ਕਿਹਾ ਕਿ ਇਸ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਕਾਰਜਕਾਰੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੂੰ ਤੁਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕੁਰੂਕਸ਼ੇਤਰ ਦੇ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ ਕਰਤਾਰ ਸਿੰਘ ਕੱਕੜ, ਨਿਰਵੈਰ ਸਿੰਘ, ਵਜਿੰਦਰ ਸਿੰਘ ਹਾਜ਼ਰ ਸਨ।