ਪੱਤਰ ਪ੍ਰੇਰਕ
ਕੁਰੂਕਸ਼ੇਤਰ, 5 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਬੀਤੇ ਦਿਨ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਚੋਣ ਸਬੰਧੀ ਮਤਾ ਪਾਸ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਅਤੇ ਮੰਤਰੀ ਮੰਡਲ ਦਾ ਧੰਨਵਾਦ ਕਰਦਿਆਂ ਐੱਚਐੱਸਜੀਐੱਮਸੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਕਾਇਮ 38 ਮੈਂਬਰੀ ਐਡਹਾਕ ਕਮੇਟੀ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾ ਰਹੀ ਹੈ ਪਰ ਸੰਗਤ ਨੂੰ ਹਮੇਸ਼ਾ ਨਾਮਜ਼ਦ ਮੈਂਬਰਾਂ ਨਾਲੋਂ ਚੁਣੇ ਹੋਏ ਨੁਮਾਇੰਦਿਆਂ ’ਤੇ ਭਰੋਸਾ ਜ਼ਿਆਦਾ ਹੁੰਦਾ ਹੈ। ਇਸ ਲਈ ਉਹ ਹਰਿਆਣਾ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ ਤਾਂ ਜੋ ਚੁਣੇ ਗੁਰਦੁਆਰਿਆਂ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।