ਸੁਰਿੰਦਰ ਮਹਿਤਾ
ਯਮੁਨਾਨਗਰ, 18 ਜੂਨ
ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਯਮੁਨਾਨਗਰ ਪਹੁੰਚੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਪਹਿਲਾਂ ਹੀ ਸੰਦੀਪ ਸਿੰਘ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਜ਼ਿਲ੍ਹਾ ਸਕੱਤਰੇਤ ਦੇ ਚਾਰੇ ਪਾਸੇ ਬੈਰੀਕੇਡਿੰਗ ਕੀਤੀ ਗਈ ਸੀ। ਸੜਕ ਨੂੰ ਹਾਈਵੇਅ ’ਤੇ ਬੰਦ ਕਰ ਦਿੱਤਾ ਗਿਆ ਸੀ ਪਰ ਵੱਡੀ ਗਿਣਤੀ ਵਿੱਚ ਕਿਸਾਨ ਜ਼ਿਲ੍ਹਾ ਸਕੱਤਰੇਤ ਨੇੜੇ ਪਹੁੰਚ ਗਏ। ਇਸ ਦੌਰਾਨ ਜਿਵੇਂ ਹੀ ਮੰਤਰੀ ਦੇ ਵਾਹਨਾਂ ਦਾ ਕਾਫਲਾ ਪਹੁੰਚਿਆ, ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਤੋਂ ਬਾਅਦ ਜਿਵੇਂ ਹੀ ਯਮੁਨਾਨਗਰ ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਨੇ ਆਪਣੀ ਕਾਰ ਵਿਚ ਸਕੱਤਰੇਤ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾਏ। ਉਨ੍ਹਾਂ ਨੂੰ ਆਪਣੀ ਕਾਰ ਵਾਪਸ ਲਿਜਾਣ ਲਈ ਮਜਬੂਰ ਕੀਤਾ। ਕਿਸਾਨ ਆਗੂ ਸੁਭਾਸ਼ ਗੁਰਜਰ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤਕ ਖੇਡ ਮੰਤਰੀ ਜਾਂ ਮੁੱਖ ਮੰਤਰੀ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।