ਸੂਬਾ ਸਰਕਾਰ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਮੱਦੇਨਜ਼ਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਜ਼ਿਲ੍ਹਾ ਜਲੰਧਰ ਵਿੱਚ ਘੱਟ ਮਾਮਲੇ ਦਰਜ ਹੋਏ ਹਨ। ਇਸ ਜ਼ਿਲ੍ਹੇ ਦੀਆਂ ਛੇ ਤਹਿਸੀਲਾਂ ਵਿੱਚੋਂ ਸਭ ਤੋਂ ਵੱਧ 32 ਮਾਮਲੇ ਸ਼ਾਹਕੋਟ ਤਹਿਸੀਲ ਵਿੱਚ ਦਰਜ ਕੀਤੇ ਗਏ ਹਨ।
ਪਰਾਲੀ ਸਾੜਨ ਨਾਲ ਹੁੰਦੇ ਧੂਏ ਕਾਰਨ ਵਾਤਾਵਰਨ ਵਧੇਰੇ ਦੂਸ਼ਿਤ ਹੋ ਰਿਹਾ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਜਲੰਧਰ ਦਫਤਰ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਤਹਿਸੀਲ ਸ਼ਾਹਕੋਟ ਵਿੱਚ 32, ਨਕੋਦਰ 13, ਆਦਮਪੁਰ 7, ਫਿਲੌਰ 20 ਜਲੰਧਰ-2 ਵਿੱਚ 5 ਵਿੱਚ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਉਲਟ ਜਲੰਧਰ-1 ਵਿੱਚ ਸ਼ਹਿਰੀ ਖੇਤਰ ਰਿਹਾਇਸ਼ੀ ਹੋਣ ਕਾਰਨ ਕੋਈ ਮਾਮਲਾ ਦਰਜ ਨਹੀਂ ਹੋਇਆ ਹੈ। ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਾਏ ਡਿਜੀਟਲ ਬੋਰਡ ਵਿੱਚ ਤਕਨੀਕੀ ਨੁਕਸ ਹੋਣ ਕਾਰਨ ਏਅਰ ਕੁਆਲਿਟੀ ਇੰਡੈਕਸ ਬਾਰੇ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਯਤਨ ਤੇਜ਼ ਕਰਦਿਆਂ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਤ ਕਰਦਿਆਂ ਪਰਾਲੀ ਨਾਂ ਸਾੜਨ ਦੀ ਅਪੀਲ ਵੀ ਕੀਤੀ ਗਈ ਹੈ।
ਇਸ ਸਬੰਧੀ ਉੱਗੇ ਵਾਤਾਵਰਨ ਪ੍ਰੇਮੀ ਡਾਕਟਰ ਨਿਰਮਲ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਹਵਾ ਦੇ ਪ੍ਰਦੂਸ਼ਣ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਤੋਂ ਲੋਕਾਂ ਨੂੰ ਰੋਕਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਸਰਕਾਰ ਨਾਲ ਸਹਿਯੋਗ ਕਰਕੇ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।
ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਵਰਤੋ ਕਰਨ ਲਈ ਇਸ ਦੀਆਂ ਗੰਢਾਂ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਸਾਫ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
Advertisement
×

