ਜਲੰਧਰ (ਪਾਲ ਸਿੰਘ ਨੌਲੀ) ਆਮ ਆਦਮੀ ਪਾਰਟੀ ਨੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਭਾਖੜਾ ਬਿਆਨ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਿੱਚੋਂ ਕੇਂਦਰ ਵੱਲੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ’ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ। ਇਹ ਮੰਗ ਪੱਤਰ ਏਡੀਸੀ ਅਮਰਜੀਤ ਸਿੰਘ ਬੈਂਸ ਨੇ ਪ੍ਰਾਪਤ ਕੀਤਾ। ‘ਆਪ’ ਨੇ ਪੰਜਾਬ ਦੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰਦੇ ਹੋਏ ਕੇਂਦਰ ਵੱਲੋਂ ਮਾਰੇ ਗਏ ਇਸ ਡਾਕੇ ਦਾ ਤੁਰੰਤ ਹੱਲ ਕਰਕੇ ਪੰਜਾਬ ਦੀ ਨੁਮਾਇੰਦਗੀ ਬਹਾਲ ਕਰਾਉਣ। ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਦੀ ਅਗਵਾਈ ’ਚ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਹਲਕਾ ਫਿਲੌਰ ਦੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਪ੍ਰੇਮ ਕੁਮਾਰ ਤੇ ਆਦਮਪੁਰ ਤੋਂ ਉਮੀਦਵਾਰ ਜੀਤ ਲਾਲ ਭੱਟੀ ਨੇ ਕਿਹਾ ਕਿ ਉਹ ਧਿਆਨ ’ਚ ਲਿਆਉਣਾ ਚਾਹੁੰਦੇ ਹਨ ਕਿ 1966 ’ਚ ਬਣੇ ‘ਪੰਜਾਬ ਪੁਨਰਗਠਨ ਐਕਟ’ ਦੌਰਾਨ ਹੀ ਬੀਬੀਐੱਮਬੀ ਦੀ ਸਥਾਪਨਾ ਹੋਈ ਸੀ, ਜਿਸ ’ਚ ਚੇਅਰਮੈਨ ਤੇ ਦੋ ਮੈਂਬਰ ਲਏ ਜਾਣ ਦੀ ਵਿਵਸਥਾ ਕੀਤੀ ਸੀ। ਉਨ੍ਹਾਂ ਦੱਸਿਆ ਕਿ 1967 ਤੋਂ ਹੀ ਇਹ ਵੱਡੇ ਸੂਬੇ ਤੇ ਹਿੱਸੇਦਾਰ ਹੋਣ ਦੇ ਨਾਤੇ ਪੰਜਾਬ ਤੇ ਹਰਿਆਣਾ ਤੋਂ ਲਏ ਜਾਂਦੇ ਰਹੇ ਹਨ। ਇਨ੍ਹਾਂ ਵਿਚੋਂ ਵੱਡੇ ਅਤੇ ਵੱਧ ਹਿੱਸੇ ਪੰਜਾਬ ਨੂੰ ਪਹਿਲੇ ਨੰਬਰ ’ਤੇ ਰੱਖਿਆ ਜਾਂਦਾ ਹੈ ਤੇ ਖਰਚਾ ਵੀ ਵਧੇਰੇ ਪੰਜਾਬ ਹੀ ਕਰਦਾ ਆ ਰਿਹਾ ਹੈ ਪਰ ਹੁਣ ਬੀਬੀਐੱਮਬੀ ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਜਾ ਰਹੀ ਹੈ।