ਪਾਲ ਸਿੰਘ ਨੌਲੀ
ਜਲੰਧਰ, 25 ਮਈ
ਆਮ ਆਦਮੀ ਪਾਰਟੀ ਨੇ ਆਟੋ ਤੇ ਟੈਕਸੀ ਡਰਾਈਵਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ’ਤੇ ਪੰਜ-ਪੰਜ ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਆਪ ਦੇ ਵਰਕਰਾਂ ਨੇ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਰਾਜਵਿੰਦਰ ਕੌਰ ਅਤੇ ਸਾਬਕਾ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਮੰਗ ਪੱਤਰ ਦਿੱਤਾ।
ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਤੇ ਆਟੋ ਤੇ ਟੈਕਸੀ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਤੇ ਸੁਰਿੰਦਰ ਸਿੰਘ ਸੋਢੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਦਿੱਲੀ ਸਰਕਾਰ ਨੇ ਆਟੋ ਅਤੇ ਟੈਕਸੀ ਡਰਾਈਵਰਾਂ ਨੂੰ 5-5 ਹਜ਼ਾਰ ਰੁਪਏ ਦੇ ਕੇ ਅੱਗੇ ਹੋ ਕੇ ਆਪਣੇ ਲੋਕਾਂ ਦੀ ਮਦਦ ਕੀਤੀ ਹੈ ਉਸ ਤਰ੍ਹਾਂ ਪੰਜਾਬ ਸਰਕਾਰ ਵੀ ਆਟੋ ਅਤੇ ਟੈਕਸੀ ਡਰਾਈਵਰਾਂ ਨੂੰ 5-5 ਹਜ਼ਾਰ ਰੁਪਏ ਦੇ ਕੇ ਮਦਦ ਕਰੇ। ਸ੍ਰੀ ਸੋਢੀ ਨੇ ਕਿਹਾ ਪੰਜਾਬ ਸਰਕਾਰ ਸਮਾਰਟ ਕਾਰਡ ਵਾਲਿਆਂ ਦੀ ਜਗ੍ਹਾ ਹਰ ਗਰੀਬ ਨੂੰ ਰਾਸ਼ਨ ਮੁਹੱਈਆ ਕਰਾਵੇ। ਇਸ ਮੌਕੇ ਆਟੋ ਤੇ ਟੈਕਸੀ ਡਰਾਈਵਰਾਂ ਦੀ ਜਥੇਬੰਦੀ ਦੇ ਉਪ ਪ੍ਰਧਾਨ ਹਰਚਰਨ ਸਿੰਘ ਸੰਧੂ ਨੇ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਮੀਡੀਆ ਇੰਚਾਰਜ ਤਰਨਦੀਪ ਸੰਨੀ, ਬਲਾਕ ਪ੍ਰਧਾਨ ਰਾਜੀਵ ਆਨੰਦ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਭਗਤ, ਅਜੈ ਭਗਤ, ਸੀਨੀਅਰ ਆਗੂ ਦਰਸ਼ਨ ਲਾਲ ਭਗਤ, ਬਲਬੀਰ ਸਿੰਘ, ਦੀਪਕ, ਗੋਲਡੀ, ਸੁਰਜੀਤ, ਕਰਨੈਲ, ਵਰੁਣ, ਕੁਲਵਿੰਦਰ, ਕੁਕੀ, ਸੋਨੂੰ ਤੇ ਸਰਵਜੀਤ ਸਿੰਘ ਮੌਜੂਦ ਸਨ।