ਏਡੀਸੀ ਵੱਲੋਂ ਸੁਖਾਵਾਂ ਸਫ਼ਰ ਯਕੀਨੀ ਬਣਾਉਣ ’ਤੇ ਜ਼ੋਰ
ਪੱਤਰ ਪ੍ਰੇਰਕ
ਜਲੰਧਰ, 28 ਫਰਵਰੀ
ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਲ ਕੌਮੀ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਹਾਈਵੇਅ ’ਤੇ ਮੁਰੰਮਤ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦਾ ਜਾਇਜ਼ਾ ਲੈ ਕੇ ਜਿਥੇ ਕਿਤੇ ਵੀ ਮੁਰੰਮਤ ਜਾਂ ਪੈਚਵਰਕ ਦੀ ਲੋੜ ਹੈ, ਤੁਰੰਤ ਕੀਤਾ ਜਾਵੇ। ਹਿੱਟ ਐਂਡ ਰਨ ਕੇਸਾਂ ਵਿੱਚ ਮੁਆਵਜ਼ੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮਹਾਜਨ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਵੀ ਹਿੱਟ ਐਂਡ ਰਨ ਕੇਸਾਂ ਵਿੱਚ ਮਿਲਣ ਵਾਲੇ ਮੁਆਵਜ਼ੇ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਰਬੋਤਮ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਐੱਸਡੀਐਮ ਜਲੰਧਰ-2-ਕਮ-ਆਰਟੀਓ ਬਲਬੀਰ ਰਾਜ ਸਿੰਘ, ਐੱਸਡੀਐੱਮ ਜਲੰਧਰ-1 ਰਣਦੀਪ ਸਿੰਘ ਹੀਰ, ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਅਤੇ ਐੱਸਡੀਐੱਮ ਨਕੋਦਰ ਲਾਲ ਵਿਸ਼ਵਾਸ ਬੈਂਸ, ਜੁਆਇੰਟ ਕਮਿਸ਼ਨਰ ਮਨਦੀਪ ਕੌਰ ਸਮਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।