ਜਲੰਧਰ,(ਨਿੱਜੀ ਪੱਤਰ ਪ੍ਰੇਰਕ): ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਪਣਾ ਰੁਜ਼ਗਾਰ ਬਚਾਉਣ ਖਾਤਰ ਪਿਛਲੇ 9 ਦਿਨਾਂ ਤੋਂ ਇੱਥੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਅੱਗੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਪੱਕਾ ਧਰਨਾ ਜਾਰੀ ਹੈ। ਇਸ ਦੌਰਾਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਅਤੇ ਯੂਨੀਅਨ ਦੇ ਮੈਂਬਰਾਂ ਦੀ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਪਤਨੀ ਸ੍ਰੀਮਤੀ ਵਰਿੰਦਰ ਕੌਰ ਨਾਲ ਮੀਟਿੰਗ ਹੋਈ ਜਿਸ ਵਿੱਚ ਉਨ੍ਹਾਂ ਭਰੋਸਾ ਦੁਆਇਆ ਕਿ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਸਰਕਾਰ ਨਾਲ ਮੀਟਿੰਗ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ। ਪ੍ਰੋ. ਜਸਪ੍ਰੀਤ ਕੌਰ ਕਪੂਰਥਲਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਬਦ ਗਾਇਨ ਕੀਤਾ ਅਤੇ ਛੋਟੀਆਂ ਜ਼ਿੰਦਾਂ ਦੀ ਲਾਸਾਨੀ ਸ਼ਹੀਦੀ ਨੂੰ ਨਮਨ ਕੀਤਾ।ਇਸ ਮੌਕੇ ਹਾਜ਼ਰੀ ਭਰਦਿਆਂ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸਾਬਕਾ ਜ਼ਿਲਾ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਸਰਕਾਰ ਉਨ੍ਹਾਂ ਦੀ ਸਮੱਸਿਆ ਦਾ ਸੰਤੋਖਜਨਕ ਹੱਲ ਨਹੀਂ ਕਰਦੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਮਿਲ ਕੇ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਮਾਸਟਰ ਕੇਵਲ ਸਿੰਘ, ਮਾਸਟਰ ਰਾਮ ਲਾਲ, ਮੰਗਲਜੀਤ ਸਿੰਘ ਅਤੇ ਵੱਖ-ਵੱਖ ਸਰਕਾਰੀ ਕਾਲਜਾਂ ਵਲੋਂ ਆਏ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਮੌਜੂਦ ਸਨ।