ਬਿਮਾਰੀ ਨਾਲ ਲੜਨ ਤੋਂ ਪਹਿਲਾਂ ਗੰਦੇ ਪਾਣੀ ਨਾਲ ਜੰਗ; ਇਲਾਜ ਲਈ ਹਸਪਤਾਲ ਪਹੁੰਚਣਾ ਵੀ ਬਣਿਆ ‘ਚੁਣੌਤੀ’
ਸਿਵਲ ਹਸਪਤਾਲ ਰਾਹੋਂ ਨੂੰ ਜਾਣ ਵਾਲੀ ਸੜਕ ’ਤੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ
ਸਿਵਲ ਹਸਪਤਾਲ ਰਾਹੋਂ ਨੂੰ ਜਾਣ ਵਾਲੀ ਸੜਕ ’ਤੇ ਸੀਵਰੇਜ ਦਾ ਪਾਣੀ ਲਗਾਤਾਰ ਖੜ੍ਹਾ ਰਹਿਣ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਰਗੀ ਜ਼ਰੂਰੀ ਸੇਵਾ ਵਾਲੀ ਥਾਂ ਨੂੰ ਜਾਣ ਵਾਲੇ ਮੁੱਖ ਰਸਤੇ ਦੀ ਇਹ ਹਾਲਤ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦੀ ਹੈ। ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਦੋਪਹੀਆ ਵਾਹਨ ਚਾਲਕਾਂ, ਸਾਈਕਲ ਸਵਾਰਾਂ ਅਤੇ ਪੈਦਲ ਲੰਘਣ ਵਾਲਿਆਂ ਨੂੰ ਖਾਸੀ ਮੁਸ਼ਕਲ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਕਈ ਦਿਨਾਂ ਤੱਕ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ’ਤੇ ਗੰਦਾ ਪਾਣੀ ਫੈਲਿਆ ਰਹਿੰਦਾ ਹੈ।
ਸਥਾਨਕ ਵਸਨੀਕਾਂ ਨੇ ਦੱਸਿਆ ਕਿ ਇਹ ਰਸਤਾ ਹਰ ਰੋਜ਼ ਸੈਂਕੜੇ ਹਸਪਤਾਲ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਐਮਰਜੈਂਸੀ ਵਿੱਚ ਆਉਣ-ਜਾਣ ਵਾਲੇ ਲੋਕਾਂ ਵੱਲੋਂ ਵਰਤਿਆ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਗੰਦੇ ਪਾਣੀ ਕਾਰਨ ਹਾਦਸਿਆਂ ਅਤੇ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਰਿਹਾ ਹੈ।
ਇਲਾਕਾ ਵਾਸੀਆਂ ਨੇ ਨਗਰ ਕੌਂਸਲ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਪ੍ਰਣਾਲੀ ਦੀ ਤੁਰੰਤ ਸਫ਼ਾਈ ਕਰਵਾ ਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀ ਇਸ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ। ਲੋਕਾਂ ਨੇ ਸਵਾਲ ਕੀਤਾ ਕਿ ਜਦੋਂ ਸਿਵਲ ਹਸਪਤਾਲ ਨੂੰ ਜਾਣ ਵਾਲੀ ਮੁੱਖ ਸੜਕ ਹੀ ਗੰਦੇ ਪਾਣੀ ਨਾਲ ਭਰੀ ਹੋਵੇ, ਤਾਂ ਮਰੀਜ਼ਾਂ ਅਤੇ ਆਮ ਲੋਕਾਂ ਦੀ ਸਹੂਲਤ ਦੀ ਜ਼ਿੰਮੇਵਾਰੀ ਕੌਣ ਲਵੇਗਾ।

