ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਮਈ
ਪੱਛਮੀ ਬੰਗਾਲ ਵਿੱਚ ਜਿਸ ਸਮੇਂ ਮਮਤਾ ਬੈਨਰਜੀ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਰਹੀ ਸੀ ਤਾਂ ਭਾਜਪਾ ਨੇ ਐਨ ਉਸੇ ਵੇਲੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਉਨ੍ਹਾਂ ਵਿਰੁੱਧ ਮੌਨ ਰੋਸ ਪ੍ਰਦਰਸ਼ਨ ਕੀਤੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਸ਼ਾਸਤਰੀ ਮਾਰਕੀਟ, ਵਰਕਸ਼ਾਪ ਚੌਕ, ਬੀਐੱਸਐੱਫ ਚੌਕ, ਕਿਸ਼ਨਪੁਰਾ ਚੌਕ ਤੇ ਹੋਰ ਥਾਵਾਂ ’ਤੇ ਕੀਤੇ ਗਏ ਹਨ। ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਦੇ ਲੋਕਾਂ ਨੇ ਭਾਜਪਾ ਵਰਕਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਉੱਥੇ ਹੋ ਰਹੀ ਹਿੰਸਾ ਨੂੰ ਤੁਰੰਤ ਰੋਕਣਾ ਚਾਹੀਦਾ ਹੈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਇੱਥੇ ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਭਾਜਪਾ ਵਰਕਰਾਂ ਨੇ ਮਮਤਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਟੀਐੱਮਸੀ ਦੇ ਵਰਕਰਾਂ ਵੱਲੋਂ ਭਾਜਪਾ ਵਰਕਰਾਂ ਤੇ ਦਫ਼ਤਰਾਂ ਨੂੰ ਨਿਸ਼ਾਨਾ ਬਣਾਉਣਾ ਅਤੇ ਮਹਿਲਾ ਵਰਕਰਾਂ ਨਾਲ ਦੁਰਵਿਵਹਾਰ ਕਰਨਾ ਬੇਹੱਦ ਨਿੰਦਣਯੋਗ ਹੈ।
ਬਲਾਚੌਰ (ਪੱਤਰ ਪ੍ਰੇਰਕ): ਭਾਜਪਾ ਮੰਡਲ ਬਲਾਚੌਰ ਵੱਲੋਂ ਮੰਡਲ ਪ੍ਰਧਾਨ ਨੰਦ ਕਿਸ਼ੋਰ ਦੀ ਪ੍ਰਧਾਨਗੀ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਨਰਿੰਦਰ ਨਾਥ ਸੂਦਨ ਨੇ ਦੱਸਿਆ ਕਿ ਬੰਗਾਲ ਵਿੱਚ ਅਸੈਂਬਲੀ ਚੋਣਾਂ ਉਪਰੰਤ ਜਿੱਤ ਪ੍ਰਾਪਤ ਕਰ ਕੇ ਮੁੜ ਸੱਤਾ ਵਿੱਚ ਆਉਣ ਵਾਲੀ ਤ੍ਰਿਣਮੂਲ ਕਾਂਗਰਸ ਵੱਲੋਂ ਪੂਰੇ ਬੰਗਾਲ ਹਿੰਸਾ ਦਾ ਦੌਰ ਸ਼ੁਰੂ ਕੀਤਾ ਗਿਆ ਹੈ।
ਕਾਦੀਆਂ (ਪੱਤਰ ਪ੍ਰੇਰਕ): ਸ਼ਿਵਾਲਾ ਚੌਕ ’ਚ ਭਾਜਪਾ ਆਗੂ ਕਸ਼ਮੀਰ ਸਿੰਘ ਰਾਜਪੂਤ ਦੀ ਅਗਵਾਈ ਹੇਠ ਬੰਗਾਲ ਹਿੰਸਾ ਖ਼ਿਲਾਫ਼ ਧਰਨਾ ਦਿੱਤਾ ਗਿਆ ਅਤੇ ਟੀਐੱਮਸੀ ਪਾਰਟੀ ਅਤੇ ਮਮਤਾ ਬੈਨਰਜੀ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਦੂਜਾ ਧਰਨਾ ਪ੍ਰਭਾਕਰ ਚੌਕ ਵਿੱਚ ਮਹਿਲਾ ਭਾਜਪਾ ਜ਼ਿਲ੍ਹਾ ਪ੍ਰਧਾਨ ਕੁਲਵੰਤ ਕੌਰ ਦੀ ਅਗਵਾਈ ਹੇਠ ਦਿੱਤਾ ਗਿਆ। ਇਸੇ ਤਰ੍ਹਾਂ ਭਗਤ ਸਿੰਘ ਚੌਕ ਨੇੜੇ ਥਾਣਾ ਕਾਦੀਆਂ ਕੋਲ ਡਾਕਟਰ ਅਜੇ ਕੁਮਾਰ ਛਾਬੜਾ ਦੀ ਅਗਵਾਈ ਹੇਠ ਕੁਝ ਨੌਜਵਾਨਾਂ ਨੇ ਧਰਨਾ ਦਿੱਤਾ।
ਪਠਾਨਕੋਟ (ਪੱਤਰ ਪ੍ਰੇਰਕ): ਪੱਛਮੀ ਬੰਗਾਲ ਵਿੱਚ ਵਾਪਰੀਆਂ ਘਟਨਾਵਾਂ ਖਿਲਾਫ਼ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੁਆਰੰਟਾਈਨ ਹੋਣ ਕਾਰਨ ਆਪਣੀ ਰਿਹਾਇਸ਼ ’ਤੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਾਜਪਾ ਵਰਕਰਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।