ਮੁੰਡੀਆਂ ਵੱਲੋਂ ਪਿੰਡਾਂ ’ਚ ਜਲ ਸਪਲਾਈ ਸਕੀਮਾਂ ਦੇ ਉਦਘਾਟਨ
ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਹੁਲਾਰਾ ਦਿੰਦਿਆਂ ਪੰਜਾਬ ਦੇ ਮਾਲ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜਲੰਧਰ ਵਿਖੇ ਕਰੀਬ 1.17 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈਆਂ ਦੋ ਵਾਟਰ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ। ਇੰਨ੍ਹਾਂ ਸਕੀਮਾਂ ਰਾਹੀਂ ਪੇਂਡੂ ਖੇਤਰ ਦੇ 432 ਘਰਾਂ ਨੂੰ ਪੀਣ ਯੋਗ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਣਾ ਹੈ।
ਇਸੇ ਤਰ੍ਹਾਂ ਬਲਾਕ ਆਦਮਪੁਰ ਦੇ ਪਿੰਡ ਜਲਭੈ ਵਿਖੇ 52.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈ ਦੂਜੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਪਿੰਡ ਗੱਦੋਵਾਲੀ ’ਚ 64.72 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਸਕੀਮ ਨੂੰ ਲੋਕ ਅਰਪਣ ਕੀਤਾ। ਉਨ੍ਹਾਂ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਸੁਨੇਹਾ ਦੇਣ ਲਈ ਬੂਟਾ ਵੀ ਲਾਇਆ।
ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਹਿੱਸਾ ਹਨ।
ਇਸ ਮੌਕੇ ਆਦਮਪੁਰ ਦੇ ਪਿੰਡ ਜਲਭੈ ਦੇ ਸਰਪੰਚ ਪਰਮਜੀਤ ਕੌਰ ,ਪਿੰਡ ਗੱਦੋਵਾਲੀ ਦੇ ਸਰਪੰਚ ਬਿਮਲਜੀਤ ਕੌਰ, ਸਮੇਤ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਦਾ ਇਹਨਾਂ ਪਹਿਲਕਦਮੀਆਂ ਲਈ ਧੰਨਵਾਦ ਕੀਤਾ। ਇਸ ਮੌਕੇ ਐੱਸਡੀਐੱਮ ਵਿਵੇਕ ਮੋਦੀ, ਚੀਫ ਇੰਜੀਨੀਅਰ ਰਾਜੇਸ਼ ਦੂਬੇ, ਮਾਰਕੀਟ ਕਮੇਟੀ ਆਦਮਪੁਰ ਦੇ ਚੇਅਰਮੈਨ ਪਰਮਜੀਤ ਸਿੰਘ ਹਾਜ਼ਰ ਸਨ।
ਲੋਕਾਂ ਨੂੰ ਪੀਣ ਲਈ ਮਿਲੇਗਾ ਸ਼ੁੱਧ ਪਾਣੀ: ਮੁੰਡੀਆਂ
ਮੁਕੇਰੀਆਂ/ਤਲਵਾੜਾ (ਜਗਜੀਤ ਸਿੰਘ/ਦੀਪਕ ਠਾਕੁਰ): ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ. ਮੁਲਤਾਨੀ ਦੀ ਮੌਜੂਦਗੀ ਵਿਚ ਬਲਾਕ ਮੁਕੇਰੀਆਂ ਦੇ ਪਿੰਡ ਹਿਯਾਤਪੁਰ ਵਿਚ 62.45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਅਤੇ ਬਲਾਕ ਹਾਜੀਪੁਰ ਵਿਚ 54.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਬਲਾਕ ਹਾਜੀਪੁਰ ਅਧੀਨ ਪੈਂਦੇ ਪਿੰਡ ਡਾਲੋਵਾਲ ਵਿਚ ਵੀ 54.20 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੇ ਘਰ ਤੱਕ ਸਾਫ਼ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।