ਪਾਲ ਸਿੰਘ ਨੌਲੀ
ਜਲੰਧਰ, 22 ਜੁਲਾਈ
ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵੱਲੋਂ ਅੱਜ ਇੱਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ’ਤੇ ਚੱਲ ਰਹੇ ਹਫ਼ਤਾਵਾਰੀ ਐਕਸ਼ਨ ਪ੍ਰੋਗਰਾਮ ਤਹਿਤ ਰੋਸ ਦਿਖਾਵਾ ਕੀਤਾ ਗਿਆ। ਇਸ ਦੌਰਾਨ ਤਹਿਸੀਲ ਦਫ਼ਤਰ ਦੇ ਸਾਹਮਣੇ ਸਰਕਾਰ ਦੇ ਪਾਪਾਂ ਦੇ ਘੜੇ ਭੰਨ ਕੇ ਸਰਕਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਰੋਡਵੇਜ਼ ਜਲੰਧਰ-1 ਦੇ ਪ੍ਰਧਾਨ ਹਰਿੰਦਰ ਸਿੰਘ ਚੀਮਾ ਨੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਭਰਤੀ ਲਈ ਜੋ ਪੇਅ-ਸਕੇਲ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਹ ਸਰਾਸਰ ਰੋਡਵੇਜ਼ ਕਾਮਿਆਂ ਨਾਲ ਧੱਕਾ ਹੈ। ਅੱਜ ਜਦੋਂ ਹਰ ਚੀਜ਼ ਵਿੱਤੋਂ ਬਾਹਰ ਹੁੰਦੀ ਜਾ ਰਹੀ ਹੈ ਤਾਂ ਐਨੇ ਘੱਟ ਪੈਸਿਆਂ ’ਤੇ ਕੰਮ ਕਰਨਾ ਔਖਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਨੋਟੀਫਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨੋਟੀਫਿਕੇਸ਼ਨ ਵਾਪਸ ਨਾ ਲਿਆ ਗਿਆ ਤਾਂ ਆਜ਼ਾਦੀ ਦਿਵਸ ਤੋਂ ਪਹਿਲਾਂ 13 ਅਗਸਤ ਨੂੰ ਸਮੁੱਚੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਹਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ ਤੇ ਗਿਣਤੀ ਦੇ ਬੰਦਿਆਂ ਨੇ ਹੀ ਸਮਾਜਿਕ ਦੂਰੀ ਰੱਖਦਿਆਂ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ। ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੇਅ-ਕਮਿਸ਼ਨ ਦੀ ਰਿਪੋਰਟ ਤੇ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ, 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਪੰਜਾਬ ਰੋਡਵੇਜ਼ ਵਿੱਚ 2407 ਬੱਸਾਂ ਦਾ ਫਲੀਟ ਪੂਰਾ ਕੀਤਾ ਜਾਵੇ। ਇਸ ਮੌਕੇ ਕਸ਼ਮੀਰ ਚੰਦ, ਸੰਦੀਪ ਸਿੰਘ ਤੇ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਸਰਕਲ ਦਫ਼ਤਰ ਦੇ ਬਾਹਰ ਪੰਜਾਬ ਜਲ ਸਰੋਤ ਐਂਪਲਾਈਜ਼ ਯੂਨੀਅਨ (ਟੇਵੂ) ਦੇ ਬੈਨਰ ਹੇਠ ਰੋਸ ਰੈਲੀ ਕੀਤੀ ਗਈ ਅਤੇ ਨਵੀਂ ਭਰਤੀ ਦੌਰਾਨ ਕੇਂਦਰੀ ਤਨਖ਼ਾਹ ਸਕੇਲ ਦੇਣ ਸਬੰਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਦੌਰਾਨ ਐਂਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਇੱਕ ਪਾਸੇ ਵਿਭਾਗ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਫ਼ੈਸਲੇ ਲਾਗੂ ਕਰ ਕੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਭੁੱਲ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਨਵੀਂ ਭਰਤੀ ਸਮੇਂ ਕੇਂਦਰੀ ਸਕੇਲ ਦੇਣ ਵਾਲਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਖਾਲੀ ਆਸਾਮੀਆਂ ਨੂੰ ਰੈਗੂਲਰ ਤੌਰ ’ਤੇ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।