ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਜੁਲਾਈ
ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਅੱਜ ਸ਼ਹੀਦ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਹਾੜਾ ਮਨਾਉਂਦਿਆ, ਜਿੱਥੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਉੱਥੇ ਹੀ ਇਹ ਪ੍ਰਣ ਕੀਤਾ ਗਿਆ ਕਿ ਉਹ ਸ਼ਹੀਦਾ ਦੇ ਸੁਪਨਿਆਂ ਦਾ ਦੇਸ਼ ਬਣਾੳਣ ਦਾ ਯਤਨ ਕਰਨਗੇ। ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਬਲਰਾਜ ਠਾਕੁਰ ਦੀ ਅਗਵਾਈ ਹੇਠ ਅੱਜ ਸਵੇਰੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਲੱਗੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ਾਹਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਇੱਥੋ ਦੇ ਬੱਸ ਅੱਡੇ ’ਤੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਨੌਜਵਾਨਾਂ ਨੂੰ ਸ਼ਹੀਦਾਂ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜੱਲ੍ਹਿਆ ਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਹੀ ਨਹੀ ਲਿਆ ਸੀ,ਬਲਕਿ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਵੱਲੋਂ ਦੇਸ਼ ਅੰਦਰ ਚਲਾਈ ਬਰਾਬਰਤਾ ਦਾ ਸਮਾਜ ਸਿਰਜਣ ਲਈ ਚਲਾਈ ਲਹਿਰ ਵਿਚ ਅਹਿਮ ਯੋਗਦਾਨ ਪਾਉਂਦਿਆ ਸਾਮਰਾਜ ਨੂੰ ਵੀ ਵੰਗਾਰਿਆ ਸੀ। ਉਨ੍ਹਾਂ ਕਿਹਾ ਕਿ ਭਾਰਤੀ ਹਾਕਮ ਦੇਸ਼ ਵਿਚ ਫਿਰਕੂ ਫਾਸ਼ੀਵਾਦੀ ਹੱਲੇ ਰਾਹੀਂ ਦੇਸ਼ ਅੰਦਰ ਤਾਨਾਸ਼ਾਹੀ ਸਥਾਪਤ ਕਰਨ ਲਈ ਲਿਖਣ ਤੇ ਬੋਲਣ ਦੀ ਆਜ਼ਾਦੀ ਵੀ ਖਤਮ ਕਰ ਰਹੇ ਹਨ। ਜੱਲ੍ਹਿਆ ਵਾਲੇ ਬਾਗ ਦੀ ਦਿੱਖ ਨੂੰ ਵਿਗਾੜ ਕੇ ਸ਼ਹੀਦ ਊਧਮ ਸਿੰਘ ਵੱਲੋਂ ਬਰਤਾਨਵੀ ਸ਼ਾਮਰਾਜ ਦੇ ਖ਼ਿਲਾਫ਼ ਲੜੇ ਸੰਘਰਸ਼ ਦੇ ਇਤਿਹਾਸ ਨੂੰ ਮਿਟਾਇਆ ਜਾ ਰਿਹਾ ਹੈ। ਕਿਸਾਨ ਆਗੂ ਗੁਰਚਰਨ ਸਿੰਘ ਚਾਹਲ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸੇਂਟ ਕਬੀਰ ਸ਼ਕੂਲ ਵਿੱਚ ਸ਼ਹੀਦੀ ਦਿਹਾੜਾ ਮਨਾਇਆ
ਧਾਰੀਵਾਲ (ਪੱਤਰ ਪ੍ਰੇਰਕ): ਇਥੇ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਸ਼ਹੀਦ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਹਾੜਾ ਮਨਾਇਆ। ਸਕੂਲ ਪ੍ਰਿੰਸੀਪਲ ਐੱਸਬੀ ਨਾਯਰ ਅਤੇ ਪ੍ਰਬੰਧਕ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਉਪਰੰਤ ਸ਼ਹੀਦ ਊਧਮ ਸਿੰਘ ਦੇ ਜੀਵਨ ’ਤੇ ਅਧਾਰਿਤ ਸਕੂਲ ਦੇ ਚਾਰ ਹਾਊਸਾਂ (ਰੈੱਡ, ਗਰੀਨ,ਬਲਿਊ, ਜੈਲੋ) ਵਿੱਚ ਇੰਟਰ-ਹਾਊਸ ਕੋਰੀਓਗ੍ਰਾਫੀ ਮੁਕਾਬਲਾ ਹੋਇਆ। ਅੰਤ ਵਿੱਚ ਸਭ ਤੋਂ ਵਧੀਆ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।