ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਫੌਜ ਬਾਰੇ ਦਿੱਤੇ ਬਿਆਨ ਕਾਰਨ ਕਸੂਤੇ ਫਸ ਗਏ ਹਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਨੇ ਕਾਂਗਰਸ ਨੂੰ ਘੇਰਿਆ ਹੈ। ਭਾਜਪਾ ਲੀਡਰਸ਼ਿਪ ਨੇ ਇਸ ਮਾਮਲੇ ਵਿਚ ਚਰਨਜੀਤ ਸਿੰਘ ਚੰਨੀ ਦੀ ਨਿਖੇਧੀ ਵੀ ਕੀਤੀ ਹੈ। ਹਾਲਾਂਕਿ ਇਸ ਬਿਆਨ ਬਾਰੇ ਸਪਸ਼ਟੀਕਰਨ ਦਿੰਦਿਆਂ ਚੰਨੀ ਨੇ ਕਿਹਾ ਕਿ ਉਹ ਹਮੇਸ਼ਾ ਭਾਰਤੀ ਫੌਜ ਦੇ ਸ਼ਹੀਦ ਜਵਾਨਾਂ ਨੂੰ ਨਤਮਸਤਕ ਹੁੰਦੇ ਰਹੇ ਹਨ ਤੇ ਉਨ੍ਹਾਂ ਦੇ ਬਿਆਨ ਦਾ ਭਾਵ ਸੀ ਕਿ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ਨਾਲ ਚੋਣਾਂ ਦੌਰਾਨ ਲਾਭ ਉਠਾਉਣ ਦਾ ਯਤਨ ਕਰਦੀ ਹੈ। ਉਹ ਭਾਜਪਾ ਦੀ ਅਜਿਹੀ ਮਾਨਸਿਕਤਾ ਦੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਆਪਣੀ ਫੌਜ ਦੀ ਬਹਾਦਰੀ ’ਤੇ ਹਮੇਸ਼ਾ ਮਾਣ ਰਹੇਗਾ।