ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ ’ਚ ਚੰਨੀ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
ਆਤਿਸ਼ ਗੁਪਤਾ
ਚੰਡੀਗੜ੍ਹ, 13 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਜਨਤਕ ਤੌਰ ’ਤੇ ਹੱਥ ਲਗਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਮਾਮਲੇ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ ਤੋਂ ਰਿਪੋਰਟ ਮੰਗ ਲਈ ਹੈ। ਕਮਿਸ਼ਨ ਨੇ ਡੀਜੀਪੀ ਨੂੰ ਪੱਤਰ ਲਿਖ ਕੇ 14 ਮਈ ਬਾਅਦ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਭੇਜਣ ਨੂੰ ਕਿਹਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਦੇ ਨਾਮ ਪੱਤਰ ਲਿਖਦੇ ਹੋਏ ਕਿਹਾ ਕਿ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਦੀ ਕਾਰਵਾਈ ਮੁਆਫ਼ੀਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ 14 ਮਈ ਨੂੰ ਦੁਪਹਿਰ 2 ਵਜੇ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੀਬੀ ਜਗੀਰ ਕੌਰ ਤੇ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਇਕ ਥਾਂ ’ਤੇ ਇਕੱਠੇ ਹੋਏ ਸਨ। ਇਸ ਦੌਰਾਨ ਦੋਵਾਂ ਵਿੱਚ ਮਜ਼ਾਕ ਹੁੰਦਾ ਹੈ ਅਤੇ ਸ੍ਰੀ ਚੰਨੀ ਹੱਸਦੇ-ਹੱਸਦੇ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਹੱਥ ਲਗਾਉਂਦੇ ਹਨ। ਹਾਲਾਂਕਿ, ਲੰਘੇ ਦਿਨ ਸ੍ਰੀ ਚੰਨੀ ਨੇ ਸਫਾਈ ਦਿੰਦਿਆਂ ਕਿਹਾ ਕਿ ਉਹ ਬੀਬੀ ਜਗੀਰ ਕੌਰ ਨੂੰ ਵੱਡੀ ਭੈਣ ਮੰਨਦੇ ਹਨ। ਉਨ੍ਹਾਂ ਦਾ ਇਹ ਭਾਵ ਸਨੇਹ ਤੇ ਸਨਮਾਨ ਵਿੱਚ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਸਤਿਕਾਰ ਦਿੱਤਾ ਅਤੇ ਉਸ ਮਗਰੋਂ ਮਜ਼ਾਕ ਕੀਤਾ।