Dr.Ambedkar ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਜਲੰਧਰ ’ਚ ਮੁਕੰਮਲ ਬੰਦ: ਬਾਜ਼ਾਰ ਰਹੇ ਪੂਰੀ ਤਰ੍ਹਾਂ ਠੱਪ
ਬਹੁਜਨ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ; ਡੀਸੀ ਤੇ ਪੁਲੀਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਲੁਧਿਆਣਾ ਵਿਖੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੇ ਵਿਰੋਧ ਵਿੱਚ ਅੱਜ ਅੰਬੇਡਕਰਵਾਦੀ, ਦਲਿਤ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਬੰਦ ਦੇ ਸੱਦੇ ’ਤੇ ਜਲੰਧਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਕਈ ਇਲਾਕਿਆਂ ਦੀਆਂ ਸੜਕਾਂ ’ਤੇ ਸੁੰਨਸਾਨ ਵਰਗਾ ਮਾਹੌਲ ਬਣਿਆ ਰਿਹਾ।
ਜ਼ਿਕਰਯੋਗ ਹੈ ਕਿ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ, ਭੀਮ ਕ੍ਰਾਂਤੀ ਸੈਨਾ ਅਤੇ ਹੋਰ ਜਥੇਬੰਦੀਆਂ ਵੱਲੋਂ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਲੰਧਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਕਾਂਗਰਸ ਦੇ ਵਰਕਰਾਂ ਵੱਲੋਂ ਵੀ ਜ਼ਿਲ੍ਹੇ ਅੰਦਰ ਧਰਨੇ-ਪ੍ਰਦਰਸ਼ਨ ਕੀਤੇ ਗਏ ਅਤੇ ਘਟਨਾ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।
ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਖਿਆ ਕਿ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਅਤੇ ਉਹ ਬਾਰ-ਬਾਰ ਇਸ ਮੁੱਦੇ ਨੂੰ ਚੁੱਕ ਰਹੇ ਹਨ, ਜੋ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਅਜਿਹੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ’ਚ ਨਾਕਾਮ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਰੇ ਬੁੱਤਾਂ ਦੇ ਆਲੇ-ਦੁਆਲੇ ਸੀਸੀਟੀਵੀ (CCTV) ਕੈਮਰੇ ਲਗਾਏ ਜਾਣ।
ਕਾਂਗਰਸੀ ਕੌਂਸਲਰ ਸ਼ੇਰੀ ਚੱਢਾ ਨੇ ਵੀ ਰੋਸ ਜਤਾਉਂਦਿਆਂ ਕਿਹਾ ਕਿ ਉਹ ਬੀਤੇ ਦਿਨ ਤੋਂ ਹੀ ਅੰਬੇਡਕਰ ਚੌਕ ’ਚ ਮਾਰਚ ਕੱਢ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਵਾਰ-ਵਾਰ ਬਚ ਨਿਕਲਦੇ ਹਨ, ਜੋ ਕਿ ਬਹੁੱਤ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਬੰਦ ਦੌਰਾਨ ਸਿਟੀ ਵਾਲਮੀਕਿ ਸਭਾ (ਰਜਿ.), ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਜਲੰਧਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਸਭਾ ਨੇ ਮੰਗ ਕੀਤੀ ਕਿ ਸ਼ਹਿਰ ’ਚ ਜਿੱਥੇ ਵੀ ਡਾ. ਅੰਬੇਡਕਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੇ ਬੁੱਤ, ਧਾਰਮਿਕ ਅਸਥਾਨ ਅਤੇ ਮੁੱਖ ਚੌਕ ਹਨ, ਉੱਥੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸੰਵੇਦਨਸ਼ੀਲ ਥਾਵਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਲਗਾਤਾਰ ਨਿਗਰਾਨੀ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

