ਪਾਲ ਸਿੰਘ ਨੌਲੀ
ਜਲੰਧਰ, 22 ਮਾਰਚ
ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੱਜ ‘ਵਿਸ਼ਵ ਜਲ ਦਿਵਸ’ ਮੌਕੇ ਪੰਜਾਬ ਦੇ ਪਲੀਤ ਅਤੇ ਡੂੰਘੇ ਹੁੰਦੇ ਜਾ ਰਹੇ ਜਲ ਸਰੋਤਾਂ ਬਾਰੇ ਫਿਕਰਮੰਦੀ ਜ਼ਾਹਰ ਕੀਤੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਉਪ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ, ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਉਪ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਤੇ ਨੌਜਵਾਨ ਕਿਸਾਨ ਗੁਰਵਿੰਦਰ ਸਿੰਘ ਬੋਪਾਰਾਏ ਨੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਆਪਣਾ ਪਾਣੀ ਬਰਬਾਦ ਕਰ ਲਿਆ ਪਰ ਸਮੇਂ ਦੀ ਕੇਂਦਰੀ ਹਕੂਮਤ ਨੇ ਕਿਸਾਨਾਂ ਦੀ ਮਿਹਨਤ ਦਾ ਮੁੱਲ ਪਾਉਣ ਦੀ ਥਾਂ ਸਾਰਾ ਕੁਝ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤਾ ਹੈ। ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਪਾਣੀ ਦੀ ਵਰਤੋਂ ਦੇ ਇਸ ਵਰਤਾਰੇ ਨਾਲ ਆਉਣ ਵਾਲੇ ਕੁਝ ਸਾਲਾਂ ਵਿੱਚ ਹੀ 60 ਫ਼ੀਸਦੀ ਤੋਂ ਵੱਧ ਜਲ ਸਰੋਤ ਮੁੱਕ ਜਾਣਗੇ। ਪੀਣ ਵਾਲੇ ਪਾਣੀ ਦਾ ਪੱਧਰ ਹਰ ਸਾਲ 23 ਤੋਂ 50 ਸੈਂਟੀਮੀਟਰ ਡੂੰਘਾ ਹੋ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਪਾਣੀ ਵਿਰਾਸਤ ਵਿੱਚ ਛੱਡ ਕੇ ਜਾਈਏ। ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਹਰੀ ਕ੍ਰਾਂਤੀ ਅੰਗੜਾਈ ਲੈ ਰਹੀ ਸੀ, ਉਸ ਸਮੇਂ ਸੂਬੇ ਵਿੱਚ ਸਿਰਫ਼ 1 ਲੱਖ 92 ਹਜ਼ਾਰ ਦੇ ਕਰੀਬ ਟਿਊਬਵੈੱਲ ਸਨ ਤੇ ਹੁਣ ਇਹ ਗਿਣਤੀ 15 ਲੱਖ ਤੋਂ ਟੱਪ ਗਈ ਹੈ।